ਵਾਇਰਲ ਵੀਡੀਓ ਮਾਮਲਾ , ਪੰਜਾਬ ਦੇ ਮੁੱਖ ਸਕੱਤਰ ਅੱਜ SC ਕਮਿਸ਼ਨ ਦੇ ਨੋਟਿਸ ਦਾ ਦੇਣਗੇ ਜਵਾਬ


Punjab News :  ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਿਵਾਦਿਤ ਵੀਡੀਓ ‘ਚ ਦਿਖਣ ਵਾਲੇ ਪੀੜਤ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਪੀੜਤ ਦੀ ਸ਼ਿਕਾਇਤ ਰਾਸ਼ਟਰੀ ਅਨੁਸੂਚਿਤ ਜਾਤੀ (ਐਸਸੀ) ਕਮਿਸ਼ਨ ਕੋਲ ਪੁੱਜਣ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਅੱਜ ਨੋਟਿਸ ਦਾ ਜਵਾਬ ਦੇਣ ਜਾ ਰਹੇ ਹਨ। ਇਸ ਦੇ ਨਾਲ ਹੀ ਪੀੜਤ ਦੀ ਪੂਰੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਉਸ ਨੇ ਪਿਛਲੇ 3 ਦਿਨਾਂ ਤੋਂ ਮਿਲ ਰਹੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ ਹੈ।

ਦਰਅਸਲ ‘ਚ ਬੀਤੇ ਦਿਨੀਂ ਪੀੜਤ ਦੀ ਸ਼ਿਕਾਇਤ ‘ਤੇ ਰਾਸ਼ਟਰੀ ਐੱਸਸੀ ਕਮਿਸ਼ਨ ਨੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਜਵਾਬ ਮੰਗਿਆ ਸੀ। ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ, ਜਿਸ ਦਾ ਮੁੱਖ ਸਕੱਤਰ ਅੱਜ ਜਵਾਬ ਦੇਣਗੇ। ਮੁੱਖ ਸਕੱਤਰ ਤੋਂ ਪੁੱਛਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਗਈ ਹੈ। ਜੇਕਰ ਕੋਈ ਐਫਆਈਆਰ ਦਰਜ ਕੀਤੀ ਹੈ ਤਾਂ ਅਗਲੀ ਕਾਰਵਾਈ ਬਾਰੇ ਦੱਸੋ? ਪੀੜਤ ਨੂੰ ਸੁਰੱਖਿਆ ਦੇਣ ਦੇ ਵੀ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਾ ਸਖ਼ਤ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐਨਸੀਐਸਸੀ) ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਸੀ। ਸਾਂਪਲਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਭਾਰਤ ਦੇ ਸੰਵਿਧਾਨ ਦੀ ਧਾਰਾ 338 ਤਹਿਤ ਸਿਵਲ ਅਦਾਲਤ ਦੇ ਅਧਿਕਾਰਾਂ ਦੀ ਵਰਤੋਂ ਕਰ ਸਕਦਾ ਹੈ ਅਤੇ ਦਿੱਲੀ ਵਿੱਚ ਕਮਿਸ਼ਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।

ਪੀੜਤ ਨੇ ਪਿਛਲੇ ਦਿਨੀਂ ਐਨਸੀਐਸਸੀ ਨੂੰ ਇੱਕ ਵੀਡੀਓ ਸੰਦੇਸ਼ ਅਤੇ ਪੱਤਰ ਵਿਚ ਇਨਸਾਫ਼ ਦੇ ਨਾਲ-ਨਾਲ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਸੀ ਕਿ ਮੰਤਰੀ ਹੁਣ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਸ ਨੇ ਕਿਹਾ ਕਿ ਉਹ ਡਰਿਆ ਹੋਇਆ ਹੈ, ਘਰੋਂ ਭੱਜ ਰਿਹਾ ਹੈ ਕਿਉਂਕਿ ਮੰਤਰੀ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ।

ਹਾਲ ਹੀ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦੁਰਵਿਹਾਰ ਦੀ ਵੀਡੀਓ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਸੌਂਪੀ ਸੀ। ਚੇਤੇ ਰਹੇ ਕਿ ਕਈ ਦਿਨ ਤੋਂ ਇਕ ਅਸ਼ਲੀਲ ਵੀਡੀਉ ਦੀ ਚਰਚਾ ਹੈ ,ਜਿਸ ਬਾਰੇ ਵਿਰੋਧੀ ਧਿਰਾਂ ਕਾਰਵਾਈ ਦੀ ਮੰਗ ਕਰ ਰਹੀਆਂ ਹਨ । ਇਹ ਵੀ ਪਤਾ ਲੱਗਾ ਹੈ ਕੀ ਰਾਜਪਾਲ ਨੇ ਇਸ ਮਾਮਲੇ ਦੀ ਜਾਂਚ ਲਈ ਕਾਰਵਾਈ ਸ਼ੁਰੂ ਕੀਤੀ ਪਰ ਨਾ ਤਾਂ ਪੰਜਾਬ ਸਰਕਾਰ ਦਾ ਅਤੇ ਨਾ ਹੀ ਉਕਤ ਮੰਤਰੀ ਦਾ ਇਸ ਮਾਮਲੇ ਤੇ ਅਜੇ ਕੋਈ ਪੱਖ ਆਇਆ ਹੈ।Source link

Leave a Comment