ਸਾਬਕਾ ਸੀਐਮ ਬਾਦਲ ਦੀ ਸਿਹਤ ‘ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ…

ਸਾਬਕਾ ਸੀਐਮ ਬਾਦਲ ਦੀ ਸਿਹਤ 'ਚ ਸੁਧਾਰ, ਡਾਕਟਰਾਂ ਨੇ ਕਿਹਾ, ਖ਼ਤਰੇ ਵਾਲੀ ਕੋਈ ਗੱਲ ਨਹੀਂ...


ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ। ਬੀਤੇ ਦਿਨੀਂ ਅਚਾਨਕ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਆਈਸੀਯੂ ਵਾਰਡ ਵਿੱਚ ਦਾਖ਼ਲ ਕੀਤਾ ਗਿਆ ਸੀ ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਹੁਣ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ।

ਉਧਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦੇ ਬਿਮਾਰ ਹੋਣ ਦੀ ਮੀਡੀਆ ’ਚ ਖ਼ਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਫੋਨ ’ਤੇ ਗੱਲ ਕੀਤੀ ਤੇ ਵੱਡੇ ਬਾਦਲ ਦੀ ਖ਼ਬਰ-ਸਾਰ ਪੁੱਛੀ। ਸ਼ਾਹ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਹੈ।

ਦੱਸ ਦਈਏ ਕਿ ਸ਼ੁੱਕਰਵਾਰ ਦੇਰ ਸ਼ਾਮ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫੋਰਟਿਸ ਹਸਪਤਾਲ ਪੁੱਜੇ ਤੇ ਉਨ੍ਹਾਂ ਡਾਕਟਰਾਂ ਤੋਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਚਰਨਜੀਤ ਸਿੰਘ ਬਰਾੜ ਨੇ ਵੀ ਵੱਡੇ ਬਾਦਲ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।

ਹਾਸਲ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਹਨ ਤੇ ਬਾਦਲ ਪਰਿਵਾਰ ਵੱਲੋਂ ਲੰਘੇ ਐਤਵਾਰ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਪਿਛਲੇ ਸਾਲ ਵੀ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹੋ ਗਏ ਸਨ।

ਜਨਵਰੀ ’ਚ ਉਹ ਰੁਟੀਨ ਚੈਕਅੱਪ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਗਏ ਸਨ ਜਿੱਥੇ ਉਨ੍ਹਾਂ ਦੀ ਕੋਵਿਡ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਤੇ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਾਖ਼ਲ ਰਹਿਣਾ ਪਿਆ ਸੀ। ਹਾਲਾਂਕਿ ਬਿਹਤਰ ਇਲਾਜ ਤੋਂ ਬਾਅਦ ਉਹ ਇਸ ਬਿਮਾਰੀ ਤੋਂ ਉੱਭਰ ਗਏ ਸਨ ਤੇ ਪਾਰਟੀ ਦੀ ਮਜ਼ਬੂਤੀ ਲਈ ਮੁੜ ਵਰਕਰਾਂ ਨੂੰ ਮਿਲਣਾ ਤੇ ਲੋਕਾਂ ਵਿੱਚ ਵਿਚਰਨਾ ਸ਼ੁਰੂ ਕਰ ਦਿੱਤਾ ਸੀ।



Source link

Leave a Reply

Your email address will not be published.