ਸੀਐੱਮ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ‘ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ ‘ਚ ਕੀਤੇ ਰੋਡ ਸ਼ੋਅ

ਸੀਐੱਮ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ 'ਚ ਕੀਤੇ ਰੋਡ ਸ਼ੋਅ


Jalandhar News : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ ‘ਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਨਕੋਦਰ ਵਿੱਚ ਮੁੱਖ ਮੰਤਰੀ ਨੇ ਬਿਲਗਾ ਤੋਂ ਨੂਰਮਹਿਲ ਤੱਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ‘ਤੇ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ‘ਚ ਅਸੀਂ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਸੁਧਾਰਨਾ ਸ਼ੁਰੂ ਕੀਤਾ। ਹੁਣ ਪੰਜਾਬ ਵਿੱਚ ਦਿੱਲੀ ਵਰਗੇ ਵਿਸ਼ਵ ਪੱਧਰੀ ਸਕੂਲ ਬਣ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾਣਗੇ।

ਸਿੱਖਿਆ ਦੀ ਤਰ੍ਹਾਂ ਸਾਡੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਵੀ ਸ਼ੁਰੂਆਤ ਕੀਤੀ ਹੈ। ਅਸੀਂ ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਵਿੱਚ ਹੀ ਪੰਜਾਬ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਅੱਜ 80 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਹੁਣ ਪੰਜਾਬ ਵਿੱਚ ਕੁੱਲ 580 ਮੁਹੱਲਾ ਕਲੀਨਿਕ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 20 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ।

ਰੁਜ਼ਗਾਰ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਅਸੀਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ 25000 ਸਰਕਾਰੀ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਸੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ। ਪਿਛਲੇ ਇੱਕ ਸਾਲ ਵਿੱਚ ਅਸੀਂ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਲੈਂਡ ਮਾਫੀਆ, ਰੇਤ ਮਾਫੀਆ, ਕੇਵਲ ਮਾਫੀਆ ਅਤੇ ਡਰੱਗ ਮਾਫੀਆ ਦਾ ਬੋਲਬਾਲਾ ਰਿਹਾ ਕਿਉਂਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਇਹਨਾਂ ਦੀ ਸਰਪ੍ਰਸਤੀ ਕੀਤੀ ਸੀ। ਅਸੀਂ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਕੇ ਪਾਰਦਰਸ਼ੀ ਸ਼ਾਸਨ ਸਥਾਪਿਤ ਕੀਤਾ ਹੈ।

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ। ਪਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਂਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ।



Source link

Leave a Reply

Your email address will not be published.