ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

CM Bhagwant Mann

CM Bhagwant Mann

ਚੰਡੀਗੜ੍ਹ, 7 ਸਤੰਬਰ:*

ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ।

ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।

ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ ‘ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ।

ਮੀਟਿੰਗ ਉਪਰੰਤ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਦੇ ਸਾਡੇ ਨਾਲ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਦਾ ਸਾਰਾ ਧਿਆਨ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਭਾਰੀ ਬਾਰਿਸ਼ ਤੋਂ ਪ੍ਰਭਾਵਿਤ ਹਜ਼ਾਰਾਂ ਪਰਿਵਾਰਾਂ ਵੱਲ ਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹਾਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕਰਨ ਅਤੇ ਉਹਨਾਂ ਦੇ ਟੁੱਟੇ ਹੋਏ ਘਰ ਦੁਬਾਰਾ ਬਣਾਉਣ ਲਈ ਇੱਕਜੁੱਟ ਅਤੇ ਦ੍ਰਿੜ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਕੱਤਰ ਅੰਕੜਿਆਂ ਅਨੁਸਾਰ ਸੂਬੇ ਦੇ ਹੜ੍ਹ ਪ੍ਰਭਾਵਿਤ 23 ਜ਼ਿਲ੍ਹਿਆਂ ਦੇ 2050 ਪਿੰਡਾਂ ਵਿੱਚ 3,87,898 ਵਿਅਕਤੀ ਬੇਘਰ ਹੋ ਗਏ ਹਨ ਅਤੇ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁਣ ਤੱਕ 22,938 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 219 ਰਾਹਤ ਕੈਂਪ ਖੋਲ੍ਹੇ ਗਏ  ਇਨ੍ਹਾਂ ਕੈਂਪਾਂ ਵਿੱਚ 5404 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 176980.05 ਹੈਕਟੇਅਰ ਫ਼ਸਲੀ ਰਕਬਾ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਹੁਣ ਤੱਕ 48 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ, ਜਦਕਿ ਜ਼ਿਲ੍ਹਾ ਪਠਾਨਕੋਟ ਦੇ 3 ਵਿਅਕਤੀ ਲਾਪਤਾ ਹਨ।

Leave a Reply

Your email address will not be published. Required fields are marked *