ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸੂਬੇ ਦੇ ਅਧਿਆਪਕਾਂ ਦਾ ਹੁਨਰ ਨਿਖਾਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਤਹਿਤ ਸੂਬਾ ਸਰਕਾਰ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕ ਸਿੰਗਾਪੁਰ, ਫਿਨਲੈਂਡ ਅਤੇ ਇੱਥੋਂ ਤੱਕ ਕਿ ਦੇਸ਼ ਦੇ ਅੰਦਰ ਵੱਕਾਰੀ ਸੰਸਥਾ ਆਈ.ਆਈ.ਐਮ. ਲਈ ਭੇਜ ਚੁੱਕੀ ਹੈ।
ਅਧਿਆਪਕ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਗਰਾਮ ਦਾ ਇਕ ਨੁਕਾਤੀ ਉਦੇਸ਼ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿੱਚ ਪੜ੍ਹ ਰਹੇ ਹਾਣੀਆਂ ਨਾਲ ਆਲਮੀ ਪੱਧਰ ਉਤੇ ਮੁਕਾਬਲਾ ਕਰਨ ਦੇ ਸਮਰੱਥ ਬਣਾਉਣਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਕਾਬਲੀਅਤ ਅਤੇ ਯੋਗਤਾ ਸਿੱਧੇ ਤੌਰ ’ਤੇ ਵਿਦਿਆਰਥੀਆਂ ਦੇ ਸਿੱਖਣ ਦੇ ਪੱਧਰ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਅਸਰਅੰਦਾਜ਼ ਕਰਦੀ ਹੈ। ਇਸ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਉਮੀਦ ਨਾਲ ਇਹ ਪ੍ਰੋਗਰਾਮ ਉਲੀਕਿਆ ਸੀ ਕਿ ਸਕੂਲ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦੇਸ਼ੀ ਮੁਲਕਾਂ ਵਿੱਚ ਵੱਖ-ਵੱਖ ਸੰਸਥਾਵਾਂ ਦੇ ਦੌਰੇ ਕਰਵਾਉਣ ਦੇ ਨਾਲ-ਨਾਲ ਦੂਜੇ ਮੁਲਕਾਂ ਦੀਆਂ ਸਿੱਖਿਆ ਸੰਸਥਾਵਾਂ ਦੀ ਵਿਵਸਥਾ ਨੂੰ ਡੂੰਘਾਈ ਨਾਲ ਜਾਣਨ, ਪ੍ਰੇਰਨਾਮਈ ਬਣਾਉਣ ਅਤੇ ਅਧਿਆਪਨ ਸਿਖਲਾਈ ਦੇ ਬਿਹਤਰ ਤਰੀਕਿਆਂ ਨਾਲ ਪੜਾਅਵਾਰ ਪ੍ਰਭਾਵ ਸਿਰਜਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਨੂੰ ਅਮਲੀ ਰੂਪ ਦੇਣ ਲਈ ਐਸ.ਸੀ.ਆਈ.ਆਰ.ਟੀ. ਵਿੱਚ ਕੌਮਾਂਤਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਤਾਂ ਕਿ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਉਤੇ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸੈੱਲ ਦਾ ਉਦੇਸ਼ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਪ੍ਰਤਿਭਾ ਨਿਖਾਰਨ ਲਈ ਮੌਕੇ ਮੁਹੱਈਆ ਕਰਨਾ ਅਤੇ ਵਿਦਿਅਕ ਸਿਖਲਾਈ ਪ੍ਰਦਾਨ ਕਰਕੇ ਸਿੱਖਿਆ ਪ੍ਰਣਾਲੀ ਨੂੰ ਅਗਲੇਰੇ ਪੱਧਰ ਤੱਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਖਰਚੇ ਉਤੇ ਸਵਿਟਜ਼ਰਲੈਂਡ, ਸਿੰਗਾਪੁਰ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਅਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿਚ ਅਧਿਆਪਕਾਂ ਨੂੰ ਇਨ੍ਹਾਂ ਦੇਸ਼ਾਂ ਵਿਚ ਪ੍ਰਚਲਿਤ ਬਿਹਤਰ ਸਿੱਖਿਆ ਪ੍ਰਣਾਲੀਆਂ ਤੋਂ ਜਾਣੂੰ ਕਰਵਾਉਣ ਲਈ ਦੌਰੇ ਕਰਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜ ਦਿਨਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਫਸਰਾਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਇਕ ਬੈਚ ਅੱਜ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਦੀ ਯਾਤਰਾ ਲਈ ਰਵਾਨਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 152 ਹੈੱਡਮਾਸਟਰਜ਼/ਸਿੱਖਿਆ ਅਧਿਕਾਰੀਆਂ ਦੇ ਤਿੰਨ ਬੈਚ ਅਤਿ ਆਧੁਨਿਕ ਅਕਾਦਮਿਕ ਸਿਖਲਾਈ ਪ੍ਰਾਪਤ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਭੇਜੇ ਗਏ। ਉਨ੍ਹਾਂ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਸੂਬੇ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਦੇਣਾ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਹਰੇਕ ਖੇਤਰ ਵਿੱਚ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਸਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਅਤੇ ਜੇਕਰ ਉਨ੍ਹਾਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ ਅਤੇ ਇਹ ਸਿਖਲਾਈ ਯਕੀਨਨ ਤੌਰ ਉਤੇ ਇਸ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਹ ਅਧਿਆਪਕ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਕਵਾਇਦ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਹਾਸਲ ਕੀਤੇ ਨਵੇਂ ਗਿਆਨ ਅਤੇ ਤਜਰਬਿਆਂ ਨੂੰ ਆਪਸ ਵਿੱਚ ਸਾਂਝਾ ਕਰਦੇ ਹਨ ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਤਾਲੀਮ ਦੇਣ ਦੇ ਢੰਗ-ਤਰੀਕਿਆਂ ਤੋਂ ਜਾਣੂ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਹੋਂ ਹਟਵਾਂ ਉਪਰਾਲਾ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਅਜੋਕੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ‘ਬਦਲਾਅ ਦੇ ਦੂਤ’ ਵਜੋਂ ਕੰਮ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪ੍ਰੋਗਰਾਮ ਵਿਦਿਆਰਥੀਆਂ ਨੂੰ ਲਾਭ ਪਹੁੰਚਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।