ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।
ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸਾਲੀ ਕਦਮ ਹੈ ਕਿਉਂਕਿ ਇਸ ਤੋਂ ਪਹਿਲਾਂ ਅਜਿਹੀਆਂ ਪੀ.ਟੀ.ਐਮਜ਼ ਸਿਰਫ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਜਦਕਿ ਸਰਕਾਰੀ ਸਕੂਲ ਅਜਿਹੇ ਅਹਿਮ ਮੌਕਿਆਂ ਤੋਂ ਮਹਿਰੂਮ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਇਹ ਕਦਮ ਸਿੱਖਿਆ ਦੇ ਬਿਹਤਰੀਨ ਅਮਲਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 202 ਪ੍ਰਿੰਸੀਪਲਾਂ/ਸਿੱਖਿਆ ਅਫਸਰਾਂ ਦੇ ਛੇ ਬੈਚ ਪੰਜ ਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਬੈਚ ਲੰਘੇ ਸ਼ੁੱਕਰਵਾਰ ਨੂੰ ਪੇਸ਼ੇਵਾਰਾਨਾ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਦੇ ਦੌਰੇ ਉਤੇ ਗਿਆ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ 152 ਹੈੱਡਮਾਸਟਰ/ਸਿੱਖਿਆ ਅਫਸਰ ਦੇ ਤਿੰਨ ਬੈਚ ਆਹਲਾ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸਮਾਂ ਸੇਵਾ ਨਿਭਾਉਣ ਵਾਲੇ 12316 ਯੋਗ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ, 2022 ਤੋਂ ਹੁਣ ਤੱਕ 10361 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੀ ਸੁਰੱਖਿਆ ਅਤੇ ਸਫਾਈ ਲਈ 82 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਆਹਲਾ ਦਰਜੇ ਦੇ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਪ੍ਰਦਾਨ ਕਰਨ ਲਈ 35 ਕਰੋੜ ਰੁਪਏ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ ਐਮੀਨੈਂਸ ਅਤੇ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲੜਕੀਆਂ ਲਈ ਟਰਾਂਸਪੋਰਟ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿੱਚ ਜਨਮ ਤੋਂ ਹੀ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸੁਪਨਿਆਂ ਦੀ ਉਡਾਰੀ ਭਰਨਗੇ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਢੁਕਵਾਂ ਮੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰਦੇ।
ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਮਰੱਥਾ ਅਤੇ ਕਾਬਲੀਅਤ ‘ਤੇ ਭਰੋਸਾ ਹੋਣਾ ਚਾਹੀਦਾ ਹੈ ਕਿਉਂਕਿ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਵਿਸ਼ੇ ਨੂੰ ਅਪਣਾਉਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ ਸਗੋਂ ਉਨ੍ਹਾਂ ਨੂੰ ਆਪਣੀ ਮਰਜ਼ੀ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਤਰਜੀਹਾਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਣੀ ਦੀ ਸਫ਼ਾਈ ਅਤੇ ਸੰਭਾਲ ‘ਤੇ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨ ਵੱਕਾਰੀ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਗਲੀਆਂ ਚੋਣਾਂ ਦਾ ਫਿਕਰ ਨਹੀਂ ਹੈ ਸਗੋਂ ਉਹ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਹੇ ਹਨ ਜਿਸ ਕਰਕੇ ਲੋਕ ਭਲਾਈ ਲਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਕੁਦਰਤੀ ਵਸੀਲਿਆਂ ਦੀ ਨਿਆਮਤ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਦੁਨੀਆ ਭਰ ਦੇ ਟੂਰਿਸਟਾਂ ਨੂੰ ਆਕਰਸ਼ਿਤ ਕਰਨ ਲਈ ਸੈਰ-ਸਪਾਟੇ ਦੇ ਪ੍ਰਮੁੱਖ ਟਿਕਾਣਿਆਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ ਜਿਸ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਤਹਿਤ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਸੰਵਿਧਾਨਕ ਬਾਡੀ ਹੈ ਜੋ ਪ੍ਰਮੁੱਖ ਤੌਰ ਉਤੇ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਦੀਆਂ ਖਾਲੀ ਅਸਾਮੀਆਂ ਭਰਨ ਲਈ ਪਹਿਲਾਂ ਹੀ ਪ੍ਰਕਿਰਿਆ ਹੇਠ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੇ ਕੋਟੇ ਦੀਆਂ ਸਾਰੀਆਂ ਅਸਾਮੀਆਂ ਪਹਿਲਾਂ ਹੀ ਭਰ ਦਿੱਤੀਆਂ ਹਨ ਅਤੇ ਹੁਣ ਬੀ.ਬੀ.ਐਮ.ਬੀ. ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸਿੱਖਿਆ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।