ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਸੂਬੇ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 (ਸ਼ੁੱਕਰਵਾਰ) ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ 28.09.2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜਨਤਕ ਛੁੱਟੀ ਹੋਣ ਕਾਰਨ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.10.2024 (ਸ਼ਨੀਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੋੜ ਮੁਤਾਬਕ 13,237 ਸਰਪੰਚਾਂ ਅਤੇ 83,437 ਪੰਚਾਂ ਲਈ ਪੋਲਿੰਗ ਕਰਵਾਈ ਜਾਵੇਗੀ। ਕੁੱਲ ਵੋਟਰਾਂ ਵਿੱਚ 1,33,97,922 ਰਜਿਸਟਰਡ ਵੋਟਰ ਹਨ ਜਿਨ੍ਹਾਂ ਵਿੱਚ 70,51,722 ਪੁਰਸ਼, 63,46,008 ਔਰਤਾਂ ਅਤੇ 192 ਹੋਰ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 40,000 ਰੁਪਏ ਨਿਰਧਾਰਤ ਕੀਤੀ ਗਈ ਹੈ ਜਦਕਿ ਪੰਚ ਲਈ ਖਰਚ ਲਈ ਸੀਮਾ 30,000 ਰੁਪਏ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 19,110 ਪੋਲਿੰਗ ਬੂਥਾਂ ‘ਤੇ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 96,000 ਕਰਮਚਾਰੀ ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਜ਼ਿਲ੍ਹਿਆਂ ਵਿਚ 23 ਸੀਨੀਅਰ ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।