ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ।
ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ

ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Leave a Reply

Your email address will not be published. Required fields are marked *