Latest NewsPoliticsPunjab

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਭਵਾਨੀਗੜ੍ਹ, 27 ਜੁਲਾਈ       ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ…

Latest NewsPunjabWar On Gangsters

ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

ਚੰਡੀਗੜ੍ਹ, 27 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ…

HealthLatest NewsPoliticsPunjab

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ

ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ…

Latest NewsPunjab

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ…

HealthLatest NewsPoliticsPunjab

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ…

Latest NewsPunjabWar Against Drugs

ਸਰਹੱਦ ਪਾਰੋਂ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ…

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਭਵਾਨੀਗੜ੍ਹ, 27 ਜੁਲਾਈ       ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ।  

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਨਾਗਰਿਕ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਲਈ ਵਚਨਬੱਧ ਹੈ।

ਵਿਧਾਇਕ ਭਰਾਜ ਨੇ ਕਿਹਾ ਕਿ ਭਵਾਨੀਗੜ੍ਹ ਸ਼ਹਿਰ ਦੇ ਵਿਕਾਸ ਨਾਲ ਜੁੜੇ ਹਰ ਲੋੜੀਂਦੇ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਲੋਕ ਸੇਵਾ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਅਵਤਾਰ ਸਿੰਘ ਤਾਰੀ ਨੇ ਪੰਜਾਬ ਸਰਕਾਰ, ਪਾਰਟੀ ਲੀਡਰਸ਼ਿਪ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਵਾਨੀਗੜ੍ਹ ਦੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਨਗਰ ਕੌਂਸਲ ਰਾਹੀਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਸਮਾਗਮ ਦੌਰਾਨ ਗੁਰਮੇਲ ਘਰਾਚੋ, ਪ੍ਰੀਤਮ ਸਿੰਘ, ਰਛਪਾਲ ਭੁੱਲਰ, ਮਹਿੰਦਰ ਸਿੰਘ ਸਿੱਧੂ, ਵਿਕਰਮ ਨਕਟੇ, ਸੁਖਵਿੰਦਰ ਮਾਨ, ਸਮੂਹ ਐਮ.ਸੀ. ਸਾਹਿਬਾਨ, ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਵਿਅਕਤੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦਾ ਮਾਹੌਲ ਉਤਸ਼ਾਹਪੂਰਨ ਰਿਹਾ ਅਤੇ ਹਾਜ਼ਰੀਨ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। 

ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

ਚੰਡੀਗੜ੍ਹ, 27 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ।

ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 513ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 11 ਕਿਲੋ ਭੁੱਕੀ, 505 ਨਸ਼ੀਲੀਆਂ ਗੋਲੀਆਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 513 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,679 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ

ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ।

ਅਮਰੀਕਾ ਦੇ ਨੈਸ਼ਨਲ ਹਾਰਟ, ਲੰਗ ਐਂਡ ਬਲੱਡ ਇੰਸਟੀਚਿਊਟ ਅਨੁਸਾਰ, ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਵਿਕਸਿਤ ਹੁੰਦੀਆਂ ਹਨ ਅਤੇ ਆਪਣੇ ਆਪ ਠੀਕ ਨਹੀਂ ਹੁੰਦੀਆਂ। ਜਿੰਨੀ ਜਲਦੀ ਇਨ੍ਹਾਂ ਦੀ ਪਛਾਣ ਹੋ ਜਾਵੇ, ਫ਼ੇਫ਼ੜਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਉਨਾ ਹੀ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਦਵਾਈਆਂ ਅਤੇ ਪਲਮੋਨਰੀ ਰੀਹੈਬਿਲੀਟੇਸ਼ਨ ਨਾਲ ਲਾਭ ਮਿਲਦਾ ਹੈ। ਗੰਭੀਰ ਮਾਮਲਿਆਂ ਵਿੱਚ ਥੋਰੇਸਿਕ ਸਰਜਰੀ ਜਾਨ ਬਚ ਸਕਦੀ ਹੈ। ਅਜਿਹੇ ਮਾਮਲਿਆਂ ਵਿੱਚ ਇਲਾਜ ਵਿੱਚ ਦੇਰੀ ਕਰਨਾ ਕਦੇ ਵੀ ਸਹੀ ਵਿਕਲਪ ਨਹੀਂ ਹੁੰਦਾ। ਬਦਕਿਸਮਤੀ ਨਾਲ ਇਲਾਜ ਦਾ ਖ਼ਰਚ ਨਾ ਝੱਲ ਸਕਣ ਕਾਰਨ ਕਈ ਮਰੀਜ਼ ਇਲਾਜ ਵਿੱਚ ਦੇਰੀ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ 8 ਜਨਵਰੀ ਤੋਂ 21 ਜੁਲਾਈ 2026 ਤੱਕ 14,032 ਲੋਕਾਂ ਨੇ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ/ਸਾਹ ਨਾਲ ਸਬੰਧਿਤ ਇਲਾਜ ਦਾ ਲਾਭ ਲਿਆ। ਇਨ੍ਹਾਂ ਇਲਾਜਾਂ ’ਤੇ 37.30 ਕਰੋੜ ਰੁਪਏ ਦੀ ਕੈਸ਼ਲੈੱਸ ਰਕਮ ਅਦਾ ਕੀਤੀ ਗਈ। ਇਨ੍ਹਾਂ ਅੰਕੜਿਆਂ ਦੇ ਪਿੱਛੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਕਹਾਣੀ ਹੈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਲੱਖਾਂ ਰੁਪਏ ਦਾ ਪ੍ਰਬੰਧ ਕਰਨ ਦੀ ਚਿੰਤਾ ਨਹੀਂ ਕਰਨੀ ਪਈ। ਇਹੀ ਇਸ ਯੋਜਨਾ ਦੀ ਸਭ ਤੋਂ ਵੱਡੀ ਤਾਕਤ ਹੈ।

ਅੰਕੜਿਆਂ ਅਨੁਸਾਰ 36 ਤੋਂ 60 ਸਾਲ ਉਮਰ ਵਰਗ ਵਿੱਚ 5,559 ਇਲਾਜ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 60 ਸਾਲ ਤੋਂ ਵੱਧ ਉਮਰ ਦੇ 5,659 ਸੀਨੀਅਰ ਨਾਗਰਿਕਾਂ ਨੇ ਵੀ ਹਸਪਤਾਲ ਵਿੱਚ ਇਲਾਜ ਪ੍ਰਾਪਤ ਕੀਤਾ। ਇਹ ਦੋਵੇਂ ਉਮਰ ਵਰਗ ਮਿਲ ਕੇ ਯੋਜਨਾ ਤਹਿਤ ਹੋਏ ਕੁੱਲ ਸਾਹ ਨਾਲ ਸਬੰਧਿਤ ਇਲਾਜ ਦੇ 80 ਫ਼ੀਸਦੀ ਤੋਂ ਵੱਧ ਮਾਮਲਿਆਂ ਵਿੱਚ ਹਿੱਸੇਦਾਰ ਰਹੇ। ਇਸ ਤੋਂ ਇਲਾਵਾ 2,522 ਨੌਜਵਾਨ ਬਾਲਗਾਂ ਅਤੇ 292 ਬੱਚਿਆਂ ਨੇ ਵੀ ਸਾਹ ਨਾਲ ਸਬੰਧਿਤ ਇਲਾਜ ਪ੍ਰਾਪਤ ਕੀਤਾ।

ਲਿੰਗ ਅਧਾਰਿਤ ਅੰਕੜਿਆਂ ਅਨੁਸਾਰ 8,345 ਪੁਰਸ਼ਾਂ ਦਾ 22.79 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ, ਜਦਕਿ 5,684 ਮਹਿਲਾਵਾਂ ਨੂੰ 14.50 ਕਰੋੜ ਰੁਪਏ ਦੇ ਇਲਾਜ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ‘ਹੋਰ’ ਲਿੰਗ ਸ਼੍ਰੇਣੀ ਦੇ ਤਿੰਨ ਲਾਭਪਾਤਰੀਆਂ ਨੇ ਵੀ ਯੋਜਨਾ ਤਹਿਤ ਕੈਸ਼ਲੈੱਸ ਸਿਹਤ ਸੇਵਾਵਾਂ ਦਾ ਲਾਭ ਲਿਆ।

ਮਹੀਨਾਵਾਰ ਅੰਕੜੇ ਦਰਸਾਉਂਦੇ ਹਨ ਕਿ ਰਿਪੋਰਟਿੰਗ ਸਮੇਂ ਦੌਰਾਨ ਵਿਸ਼ੇਸ਼ ਸਾਹ ਨਾਲ ਸਬੰਧਿਤ ਸੇਵਾਵਾਂ ਦੀ ਮੰਗ ਲਗਾਤਾਰ ਬਣੀ ਰਹੀ। ਇਲਾਜ ਦੇ ਮਾਮਲਿਆਂ ਦੀ ਗਿਣਤੀ ਜਨਵਰੀ ਵਿੱਚ 1,332 ਤੋਂ ਵਧ ਕੇ ਅਪ੍ਰੈਲ ਵਿੱਚ 2,509 ਹੋ ਗਈ, ਜੋ ਛੇ ਮਹੀਨਿਆਂ ਦੌਰਾਨ ਸਭ ਤੋਂ ਵੱਧ ਰਹੀ। ਹਾਲਾਂਕਿ ਜੂਨ ਵਿੱਚ 2,004 ਮਾਮਲੇ ਦਰਜ ਕੀਤੇ ਗਏ, ਪਰ ਇਲਾਜ ਦੀ ਕੁੱਲ ਰਕਮ 6.73 ਕਰੋੜ ਰੁਪਏ ਰਹੀ, ਜੋ ਸਭ ਤੋਂ ਵੱਧ ਸੀ। ਇਹ ਦਰਸਾਉਂਦਾ ਹੈ ਕਿ ਯੋਜਨਾ ਤਹਿਤ ਹੋਰ ਜਟਿਲ ਅਤੇ ਮਹਿੰਗੇ ਸਾਹ ਨਾਲ ਸਬੰਧਿਤ ਇਲਾਜ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਅੰਕੜੇ ਸਾਹ ਨਾਲ ਸਬੰਧਿਤ ਬੀਮਾਰੀਆਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੀ ਤੁਰੰਤ ਲੋੜ ਨੂੰ ਉਜਾਗਰ ਕਰਦੇ ਹਨ। ਲੋਕ ਲਗਾਤਾਰ ਰਹਿਣ ਵਾਲੀ ਖੰਘ ਜਾਂ ਸਾਹ ਚੜ੍ਹਨ ਨੂੰ ਅਕਸਰ ਅਸਥਾਈ ਸਮੱਸਿਆ ਜਾਂ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਬਦਕਿਸਮਤੀ ਨਾਲ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਅਤੇ ਬਿਨਾਂ ਸਪੱਸ਼ਟ ਲੱਛਣਾਂ ਦੇ ਵਧਦੀਆਂ ਰਹਿੰਦੀਆਂ ਹਨ। ਜਦੋਂ ਤੱਕ ਕਈ ਮਰੀਜ਼ ਡਾਕਟਰੀ ਸਹਾਇਤਾ ਲੈਂਦੇ ਹਨ, ਉਦੋਂ ਤੱਕ ਫ਼ੇਫ਼ੜਿਆਂ ਨੂੰ ਗੰਭੀਰ ਨੁਕਸਾਨ ਪਹੁੰਚ ਚੁੱਕਾ ਹੁੰਦਾ ਹੈ। ਸਾਹ ਚੜ੍ਹਨ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਇਲਾਜ ਨਾਲ ਫ਼ੇਫ਼ੜਿਆਂ, ਜ਼ਿੰਦਗੀ ਅਤੇ ਰੋਜ਼ੀ-ਰੋਟੀ—ਤਿੰਨਾਂ ਨੂੰ ਬਚਾਇਆ ਜਾ ਸਕਦਾ ਹੈ।”

ਸਿਹਤ ਮੰਤਰੀ ਨੇ ਖ਼ਾਸ ਤੌਰ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ, ਉਦਯੋਗਿਕ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਧੂੜ ਤੇ ਪ੍ਰਦੂਸ਼ਣ ਦੇ ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲੱਛਣ ਲਗਾਤਾਰ ਬਣੇ ਰਹਿਣ ਤਾਂ ਤੁਰੰਤ ਡਾਕਟਰੀ ਸਲਾਹ ਲੈਣ। ਉਨ੍ਹਾਂ ਨੇ ਤੰਬਾਕੂ ਤੋਂ ਦੂਰ ਰਹਿਣ, ਪ੍ਰਦੂਸ਼ਿਤ ਵਾਤਾਵਰਣ ਦੇ ਸੰਪਰਕ ਨੂੰ ਘਟਾਉਣ ਅਤੇ ਸਾਹ ਨਾਲ ਸਬੰਧਿਤ ਪੁਰਾਣੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਨਿਯਮਿਤ ਸਿਹਤ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ।

ਸਮੇਂ ਸਿਰ ਬੀਮਾਰੀ ਦੀ ਪਛਾਣ, ਤੰਬਾਕੂ ਦਾ ਸੇਵਨ ਛੱਡਣਾ, ਹਵਾ ਪ੍ਰਦੂਸ਼ਣ ਦੇ ਸੰਪਰਕ ਨੂੰ ਘਟਾਉਣਾ, ਕੰਮ ਵਾਲੀ ਥਾਂ ’ਤੇ ਸੁਰੱਖਿਆ ਉਪਾਅ ਅਪਣਾਉਣਾ ਅਤੇ ਸਮੇਂ ਸਿਰ ਉਚਿਤ ਡਾਕਟਰੀ ਇਲਾਜ ਪ੍ਰਾਪਤ ਕਰਨਾ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਨੂੰ ਰੋਕਣ ਅਤੇ ਵੱਡੀ ਥੋਰੇਸਿਕ ਸਰਜਰੀ ਦੀ ਲੋੜ ਤੋਂ ਬਚਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਹਨ। 

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ।

ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ ‘ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ।

ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ ‘ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ।

ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿੱਚ ਬਣਾਏ ਗਏ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ ‘ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।

 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫਤ ਮਿਲਣਗੀਆਂ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ।

ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਵਲੋਂ ਲਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਹੁਣ ਤੱਕ 5.90 ਕਰੋੜ ਮਰੀਜਾਂ ਵਲੋਂ ਆਪਣਾ ਚੈੱਕਅਪ ਕਰਵਾਇਆ ਜਾ ਚੁੱਕਾ ਹੈ ਅਤੇ ਸੂਬੇ ਵਿਚ ਪਹਿਲਾਂ ਚੱਲ ਰਹੇ 990 ਕਲੀਨਿਕਾਂ ਵਿਚੋਂ ਰੋਜ਼ਾਨਾ ਅੰਦਾਜ਼ਨ 83 ਹਜ਼ਾਰ ਲੋਕਾਂ ਵਲੋਂ ਸਿਹਤ ਸੇਵਾਵਾਂ ਲਈਆਂ ਜਾ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਜਾਣ ਨਾਲ ਹੋਰ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਸਾਢੇ 3 ਕਰੋੜ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਸਕਰੀਨਿੰਗ ਅਤੇ ਖੁਰਾਕ ਪ੍ਰਬੰਧਨ ਦੀਆਂ ਸੇਵਾਵਾਂ ਵੀ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿਚ 300 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਸੂਬੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ।

ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਅਤੇ ਉਪਲਬੱਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਸੁਪਰਡੰਟ ਹਰਬੰਸ ਸਿੰਘ, ਡਿਪਟੀ ਸੁਪਰਡੰਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ ਵੀ ਮੌਜੂਦ ਸਨ।

ਸਰਹੱਦ ਪਾਰੋਂ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।  

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਅਤੇ ਕਾਰਟੈਲ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਬਿੱਟੂ ਉਰਫ਼ ਭਈਆ ਅਤੇ ਸਾਹਿਬ ਸਿੰਘ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਬਾਅਦ ਵਿੱਚ ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਸੰਜੀਵ ਕੁਮਾਰ ਉਰਫ ਨੰਨੂ ਅਤੇ ਸੰਦੀਪ ਉਰਫ ਸੰਨੀ ਨੂੰ 2.015 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਜਾਂਚ ਦੌਰਾਨ, ਮੁਲਜ਼ਮ ਸੰਦੀਪ ਉਰਫ ਸੰਨੀ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ।

ਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਬਿੱਟੂ ਉਰਫ ਭਈਆ ਅਸਲਾ ਐਕਟ ਅਤੇ ਚੋਰੀ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋ ਮੁਲਜ਼ਮ ਨੌਜਵਾਨ ਹਨ।

ਇਸ ਸਬੰਧੀ, ਐਫਆਈਆਰ ਨੰਬਰ 156 ਮਿਤੀ 21.07.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1ਬੀ) ਅਤੇ 24(6,7,8) ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।