Latest NewsNewsPunjabPunjabiWar Against Drugs

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 216ਵੇਂ ਦਿਨ 47 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’…

Latest NewsNewsPunjabPunjabi

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ…

Blog

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Latest NewsNewsPunjabPunjabi

ਭਗਵੰਤ ਮਾਨ ਦਾ ਵੱਡਾ ਐਲਾਨ – ਪਠਾਨਕੋਟ ਬਣੇਗਾ ਐਡਵੈਂਚਰ ਹੱਬ, ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਤਿਆਰੀ

ਪੰਜਾਬ ਸਰਕਾਰ ਨੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕਰਨ ਲਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ।…

Latest NewsNewsPunjabPunjabi

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ…

Latest NewsNewsPunjabPunjabiSports

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 216ਵੇਂ ਦਿਨ 47 ਨਸ਼ਾ ਤਸਕਰ ਗ੍ਰਿਫ਼ਤਾਰ

Punjab Police got big success against drug traffickers

ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐੱਫ਼. ਆਈ. ਆਰਜ਼. ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫ਼ੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ: ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ।

ਅੱਜ ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਮੀਡੀਆ ਨੂੰ ਸੰਬੋਧਨ ਕੀਤਾ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਹਿੰਦ ਦੀ ਚਾਦਰ’ 9ਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਪ੍ਰਤੀ ਡੂੰਘੀ ਸ਼ਰਧਾ ਤਹਿਤ ਕੌਮੀ ਪੱਧਰ ‘ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ, ਧਰਮ ਨਿਰਪੱਖਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਸਬੰਧੀ ਵਿਰਾਸਤ ਦੇ ਪ੍ਰਸਾਰ ਲਈ ਸਮਾਗਮਾਂ ਦੀ ਲੜੀ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ਨਗਰ ਕੀਰਤਨਾਂ ਨਾਲ ਕੀਤੀ ਜਾਵੇਗੀ। ਇਹਨਾਂ ਵਿੱਚੋਂ ਇੱਕ ਨਗਰ ਕੀਰਤਨ 18 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸ਼ੁਰੂ ਹੋਵੇਗਾ। ਇਸ ਨਗਰ ਕੀਰਤਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ, ਜਦੋਂ ਕਿ ਬਾਕੀ ਤਿੰਨ ਨਗਰ ਕੀਰਤਨ ਮਾਲਵਾ (ਫਰੀਦਕੋਟ ਅਤੇ ਬਠਿੰਡਾ), ਅਤੇ ਮਾਝਾ ਤੇ ਦੋਆਬਾ ਖੇਤਰਾਂ ਤੋਂ ਸ਼ੁਰੂ ਹੋਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।

ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਦੀ ਰਸਮੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ, ਜਿਸ ਉਪਰੰਤ ਉਸੇ ਸ਼ਾਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਉਪਰੰਤ ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ, ਜਿਸ ਵਿੱਚ ਦੁਨੀਆ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 19 ਤੋਂ 30 ਨਵੰਬਰ ਤੱਕ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿਸ ਵਿੱਚ ਰੋਜ਼ਾਨਾ 10,000 ਸੰਗਤਾਂ ਦੇ ਰਹਿਣ ਦਾ ਇੰਤਜ਼ਾਮ ਹੋਵੇਗਾ। ਇੱਥੇ ਹੋਣ ਵਾਲੇ ਸਮਾਗਮਾਂ ਵਿੱਚ ਅਖੰਡ ਪਾਠ ਸਾਹਿਬ ਅਤੇ ਸਰਬ ਧਰਮ ਸੰਮੇਲਨ, ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਸ਼ਾਮਲ ਹੋਣਗੇ।

ਸ. ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਗੁਰੂ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ ਪੰਜਾਬ ਦਾ ਪਲੇਠਾ ਤੇ ਨਵੇਕਲਾ ਡਰੋਨ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਕੱਢਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦਾ ਇੱਕ ਇਤਿਹਾਸਕ ਸੈਸ਼ਨ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣ ਦਾ ਪ੍ਰਸਤਾਵ ਵੀ ਹੈ। ਇਹ ਸਮਾਰੋਹ ‘ਹੁਕਮਨਾਮਾ`, ਰਸ-ਭਿੰਨੇ ਕੀਰਤਨ, ਅਤੇ ‘ਸਰਬੱਤ ਦੇ ਭਲੇ` ਦੀ ਅਰਦਾਸ ਸੰਪੰਨ ਹੋਵੇਗਾ ਅਤੇ ਇਸ ਦੌਰਾਨ ਰਾਜ ਭਰ ਵਿੱਚ ਖੂਨਦਾਨ ਕੈਂਪਾਂ ਤੋਂ ਇਲਾਵਾ 3.50 ਲੱਖ ਪੌਦੇ ਲਗਾਉਣ ਵਾਲੀ ਮੈਗਾ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਅੰਗ ਦਾਨ ਕਰਨ ਦਾ ਪ੍ਰਣ ਲੈਣ ਸਬੰਧੀ ਸਮਾਗਮ ਵੀ ਕਰਵਾਇਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 1 ਤੋਂ 18 ਨਵੰਬਰ ਤੱਕ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ‘ਚ 9ਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਮੁਰੀਦਾਂ- ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ 130 ਪਵਿੱਤਰ ਸਥਾਨਾਂ `ਤੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਗੁਰੂ ਜੀ ਦੇ ਜੀਵਨ ਨਾਲ ਜੁੜੇ ਹੋਰ ਪ੍ਰਮੁੱਖ ਸ਼ਹਿਰਾਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਾਬਾ ਬਕਾਲਾ ਅਤੇ ਪਟਿਆਲਾ ਸ਼ਾਮਲ ਹਨ, ਲਈ ਵੀ ਵੱਡੇ ਸਮਾਗਮਾਂ ਦੀ ਯੋਜਨਾ ਬਣਾਈ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਰੱਖਣਗੇ ਅਤੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਧਾਰਮਿਕ ਪੈਨਲ ਨਾਲ ਮੀਟਿੰਗ ਕਰਨਗੇ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੇ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਸ਼ਰਧਾ ਤੇ ਮਾਨਤਾਵਾਂ ਲਈ ਡੱਟ ਕੇ ਖੜ੍ਹਣ ਅਤੇ ਦੂਜਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਇੱਕ ਲਾਸਾਨੀ ਉਦਾਹਰਣ ਕਾਇਮ ਕੀਤੀ। ਇਹ ਸਮਾਗਮ ਸਹਿਣਸ਼ੀਲਤਾ, ਸਦਭਾਵਨਾ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਦੀ ਯਾਦ ਦਿਵਾਉਣਗੇ।

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ 19,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਲਈ ਵੱਡਾ ਪ੍ਰਾਜੈਕਟ ਸ਼ੁਰੂ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਤਰਨ ਤਾਰਨ ਦੀ ਪਵਿੱਤਰ ਧਰਤੀ `ਤੇ ਸੀਸ ਝੁਕਾਇਆ, ਜਿਸ ਨੂੰ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ, ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੁੱਢਾ ਜੀ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ, ਖ਼ਾਸ ਕਰ ਕੇ ਪੰਜਾਬ ਦੇ ਪੇਂਡੂ ਖੇਤਰਾਂ ਲਈ ਕਿਉਂਕਿ ਅੱਜ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਹੋਰ ਇਤਿਹਾਸਕ ਫੈਸਲਾ ਲਿਆ ਹੈ, ਜਿਸ ਤਹਿਤ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਠੇਕੇਦਾਰਾਂ ਵੱਲੋਂ ਇਨ੍ਹਾਂ ਦੀ ਸਾਂਭ-ਸੰਭਾਲ ਵੀ ਯਕੀਨੀ ਬਣਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ, ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ 33,492 ਕਿਲੋਮੀਟਰ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਦਾ ਪ੍ਰਾਜੈਕਟ ਸ਼ੁਰੂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ `ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲ ਦੀ ਸਾਂਭ-ਸੰਭਾਲ ਸ਼ਾਮਲ ਹੈ ਅਤੇ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖ਼ਰਚੇ ਜਾਣਗੇ, ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੀ ਸਾਂਭ-ਸੰਭਾਲ ਲਈ ਖ਼ਰਚੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਈ-ਟੈਂਡਰਿੰਗ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਕਰਵਾਇਆ ਗਿਆ ਸੀ, ਜਿਸ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦੌਰਾਨ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ਪਹਿਲੀ ਵਾਰ “ਸੜਕ ਬੁਨਿਆਦੀ ਢਾਂਚਾ ਵਿਕਾਸ ਮੀਟਿੰਗ” ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮੰਡੀ ਬੋਰਡ ਦੇ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਹਿੱਸੇਦਾਰਾਂ ਨੇ ਮੁੱਖ ਮੁੱਦਿਆਂ `ਤੇ ਚਰਚਾ ਕੀਤੀ ਅਤੇ ਸਾਰੇ ਠੇਕੇਦਾਰਾਂ ਅਤੇ ਏਜੰਸੀਆਂ ਨੂੰ ਸਪੱਸ਼ਟ ਤੌਰ `ਤੇ ਹਦਾਇਤ ਕੀਤੀ ਕਿ ਇਸ ਲਿੰਕ ਸੜਕ ਪ੍ਰਾਜੈਕਟ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰ ਹਾਲਤ ਵਿੱਚ ਢੁਕਵੀਂ ਦੇਖਭਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ 91.83 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਅਪਗ੍ਰੇਡ ਕੀਤੀਆਂ ਲਿੰਕ ਸੜਕਾਂ `ਤੇ ਵਿਸ਼ੇਸ਼ ਸੜਕ ਸੁਰੱਖਿਆ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਜਾਂ ਲਿੰਕ ਸੜਕਾਂ ਦੇ ਨਾਲ ਸਥਿਤ ਜਨਤਕ ਇਕੱਠ ਵਾਲੇ ਖੇਤਰਾਂ ਦੇ ਨੇੜੇ ਡਰਾਈਵਰਾਂ ਨੂੰ ਸੁਚੇਤ ਕਰਨ ਅਤੇ ਬੱਚਿਆਂ ਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲ ਦੇ ਗੇਟਾਂ ਅਤੇ ਜਨਤਕ ਖੇਤਰਾਂ ਦੇ ਦੋਵੇਂ ਪਾਸੇ ਜ਼ੈਬਰਾ ਕਰਾਸਿੰਗਾਂ ਨੂੰ ਚਿੰਨ੍ਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਰੀਆਂ ਲਿੰਕ ਸੜਕਾਂ `ਤੇ ਹਰ ਦੋ ਕਿਲੋਮੀਟਰ ਬਾਅਦ ਸਾਈਨ ਬੋਰਡ ਲਗਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੋਰਡ ਸੜਕ ਦਾ ਨਾਮ, ਲੰਬਾਈ, ਸੜਕ ਬਣਾਉਣ ਵਾਲੀ ਏਜੰਸੀ ਅਤੇ ਸੜਕ ਬਾਰੇ ਹੋਰ ਮਹੱਤਵਪੂਰਨ ਜਾਣਕਾਰੀ ਦਰਸਾਉਣਗੇ ਤਾਂ ਜੋ ਸਿਸਟਮ ਵਿੱਚ ਵਧੇਰੇ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਤੇ ਸੇਵਾਵਾਂ ਦੀ ਪਹੁੰਚ ਅਤੇ ਸੁਚਾਰੂ ਆਵਾਜਾਈ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਵਿੱਚ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਇਹ ਇਕ ਪਾਸੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਉਣ-ਜਾਣ ਵਿੱਚ ਮਦਦ ਕਰਦੀਆਂ ਹਨ ਅਤੇ ਦੂਜੇ ਪਾਸੇ ਵਪਾਰ ਅਤੇ ਕਾਰੋਬਾਰ ਨੂੰ ਹੁਲਾਰਾ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕੰਮ ਦੀ ਉੱਚ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਪ੍ਰਾਜੈਕਟ ਲਈ ਅਲਾਟ ਕੀਤੇ ਗਏ ਇਕ-ਇਕ ਪੈਸੇ ਦੀ ਤਰਕਸੰਗਤ ਤਰੀਕੇ ਨਾਲ ਵਰਤੋਂ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਨੂੰ ਆਪਣੀ ਖਪਤ ਦੀ ਹਰੇਕ ਵਸਤੂ ਉੱਤੇ ਟੈਕਸ ਦੇਣਾ ਪੈਂਦਾ ਹੈ ਪਰ ‘ਰਾਜੇ’ ਅਤੇ ਵੱਡੇ ਆਗੂ ਇਸ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਜਾਣਕਾਰੀ ਹੈ ਕਿਉਂਕਿ ਉਹ ਪਹਾੜਾਂ ਵਿਚਲੇ ਸਕੂਲਾਂ ਦੇ ਪੜ੍ਹੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਧਾਰਨ ਘਰ ਦਾ ਪੁੱਤ ਸੂਬੇ ਦਾ ਸ਼ਾਸਨ ਚੰਗੇ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸਟੈਂਡ ਲਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਸੀ, ਜਿਸ ਕਾਰਨ ਇਹ ਹੁਣ ਬੁਖਲਾਏ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਕੇ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ’ ਨਾਲ ਸੂਬਾ ਸਰਕਾਰ ਕੋਈ ਰਹਿਮ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬਾ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਦੁੱਖ ਇਸ ਗੱਲ ਦਾ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ ਤੇ ਸਪਲਾਈ ਵੀ ਕਰਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਇਹ ਜੁਅੱਰਤ ਕੀਤੀ ਹੈ ਅਤੇ ਇਨ੍ਹਾਂ ਲੋਕਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪਹਿਲਾਂ ਹੀ ਸਰਪਲੱਸ ਬਿਜਲੀ ਵਾਲਾ ਸੂਬਾ ਬਣ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਦੇ ਕਹਿਰ ਨੇ ਸੂਬੇ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ 2,300 ਤੋਂ ਵੱਧ ਪਿੰਡ ਡੁੱਬ ਗਏ ਹਨ, 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਪੰਜ ਲੱਖ ਏਕੜ ਜ਼ਮੀਨ ਵਿੱਚ ਫਸਲਾਂ ਤਬਾਹ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਗਭਗ 60 ਜਾਨਾਂ ਗਈਆਂ ਹਨ ਜੋ ਬਹੁਤ ਦੁਖਦਾਇਕ ਗੱਲ ਹੈ ਅਤੇ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਬਦਲ ਗਏ ਹਨ, 1,400 ਕਲੀਨਿਕ ਅਤੇ ਹਸਪਤਾਲ ਬਰਬਾਦ ਹੋ ਗਏ ਹਨ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਤੇ ਪੁਲੀਆਂ ਢਹਿ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤੀ ਅਨੁਮਾਨਾਂ ਅਨੁਸਾਰ, ਕੁੱਲ ਨੁਕਸਾਨ ਲਗਭਗ 13,800 ਕਰੋੜ ਰੁਪਏ ਹੈ, ਹਾਲਾਂਕਿ ਅਸਲ ਅੰਕੜਾ ਇਸ ਤੋਂ ਵੀ ਵੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਹੋਏ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕਰੇਗੀ ਅਤੇ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੋਵੇਗਾ।

ਬੇਬੁਨਿਆਦ ਬਿਆਨ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕ ਸਾਬਕਾ ਉਪ ਮੁੱਖ ਮੰਤਰੀ ਦੀ ਅਸਥਿਰ ਪਹੁੰਚ ਲਈ ਉਸ ’ਤੇ ਪੱਥਰ ਸੁੱਟਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਹੁਣ ਵੱਡੇ ਦਾਅਵੇ ਕਰ ਰਿਹਾ ਹੈ ਕਿ ਦਰਿਆਵਾਂ ਦੁਆਲੇ ਕੰਕਰੀਟ ਦੀਆਂ ਕੰਧਾਂ ਬਣਾਈਆਂ ਜਾਣਗੀਆਂ ਜਦੋਂ ਕਿ ਸੱਚ ਇਹ ਹੈ ਕਿ ਉਨ੍ਹਾਂ ਨੇ ਆਪਣੇ ਲੰਬੇ ਕੁਸ਼ਾਸਨ ਦੌਰਾਨ ਗਲੀਆਂ ਵੀ ਨਹੀਂ ਬਣਾਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਮੁਖੀ ਗਲਤ ਤਰੀਕਿਆਂ ਨਾਲ ਕਮਾਏ ਪੈਸੇ ਲੋਕਾਂ ਨੂੰ ਵੰਡ ਰਿਹਾ ਹੈ ਅਤੇ ਜ਼ਿਆਦਾਤਰ ਪਿੰਡਾਂ ਵਿੱਚ ਫੰਡ ਕੁਝ ਕੁ ਵਿਅਕਤੀਆਂ ਨੂੰ ਵਾਰ-ਵਾਰ ਵੰਡ ਕੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉੱਤਰ ਕਾਟੋ, ਮੈਂ ਚੜ੍ਹਾਂ ਦੀ ਕਹਾਵਤ ਵਾਂਗ ਹਰ ਪੰਜ ਸਾਲਾਂ ਬਾਅਦ ਵਾਰੋ-ਵਾਰੀ ਸੱਤਾ ਵਿੱਚ ਆ ਕੇ ਲੁੱਟ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਦੇ ਗਲਿਆਰਿਆਂ ਵਿੱਚੋਂ ਉਖੇੜ ਕੇ ਸੁੱਟ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੂੰ ਲੋਕਾਂ ਨੇ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਆਗੂ ਆਪਣਾ ਦਿਨ ਸਿਰਫ਼ ਉਨ੍ਹਾਂ ਦੀ ਆਲੋਚਨਾ ਨਾਲ ਸ਼ੁਰੂ ਕਰਦੇ ਹਨ ਕਿਉਂਕਿ ਉਹ ਉਨ੍ਹਾਂ ਦੀ ਸਰਕਾਰ ਦੁਆਰਾ ਲਏ ਗਏ ਲੋਕ-ਪੱਖੀ ਫੈਸਲਿਆਂ ਤੋਂ ਸਾੜਾ ਕਰਦੇ ਹਨ।

ਇਸ ਸੰਕਟ ਦੀ ਘੜੀ ਵਿੱਚ ਵੀ ਸੂਬੇ ਦੀਆਂ ਮੰਗਾਂ ਨੂੰ ਠੰਢੇ ਬਸਤੇ ਵਿੱਚ ਰੱਖਣ ਲਈ ਭਾਰਤ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਫੰਡਾਂ ਨੂੰ ਬੇਵਜ੍ਹਾ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੇਂਦਰ ਦਾ ਸੂਬੇ ਪ੍ਰਤੀ ਦੁਸ਼ਮਣੀ ਭਰਿਆ ਵਤੀਰਾ ਜ਼ਾਹਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨ ਭੰਡਾਰ ਦੀ ਰਾਖੀ ਕਰਦੇ ਹਨ ਅਤੇ ਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੇ ਬੇਗਾਨਗੀ ਵਾਲੇ ਰਵੱਈਏ ਦੇ ਬਾਵਜੂਦ ਸੂਬਾ ਕੇਂਦਰੀ ਅਨਾਜ ਭੰਡਾਰ ਵਿੱਚ ਆਪਣਾ ਹਿੱਸਾ ਪਾਏਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਪ੍ਰਦਾਨ ਕਰਨ ਦਾ ਆਪਣਾ ਫਰਜ਼ ਨਿਭਾਉਂਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਖੇਤਰਾਂ ਦੀਆਂ ਜ਼ਰੂਰਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿੱਥੇ ਧਰਤੀ ਦੇ ਬਹਾਦਰ ਅਤੇ ਦੇਸ਼ ਭਗਤ ਪੁੱਤਰ ਵੱਸਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਜਿੱਥੇ ਵੀ ਸੰਭਵ ਹੋਵੇ, ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਦਾ ਮੁੱਦਾ ਉਠਾਇਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਜ਼ਿਲ੍ਹੇ ਵਿੱਚ ਕਈ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ ਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਕੱਤਰ ਮੰਡੀ ਬੋਰਡ ਰਾਮਵੀਰ ਤੇ ਹੋਰ ਵੀ ਹਾਜ਼ਰ ਸਨ।

• ਠੇਕੇਦਾਰਾਂ ਨੂੰ ਅਗਲੇ ਪੰਜ ਸਾਲਾਂ ਲਈ ਸੜਕਾਂ ਦੀ ਸਾਂਭ-ਸੰਭਾਲ ਦਾ ਜ਼ਿੰਮਾ ਸੌਂਪਿਆ
• ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮਿਲਣਗੇ
• ਪੰਜਾਬ, ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਬਾਰੇ ਨਿਗੂਣੀ ਸਮਝ ਰੱਖਣ ਲਈ ਵਿਰੋਧੀ ਧਿਰ ਦੀ ਆਲੋਚਨਾ
• ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਡੱਕਿਆ
• ਬੇਬੁਨਿਆਦ ਬਿਆਨ ਜਾਰੀ ਕਰਨ ਲਈ ਸੁਖਬੀਰ ਦੀ ਕਰੜੀ ਨੁਕਤਾਚੀਨੀ
• ਸੂਬਾ ਸਰਕਾਰ ਸਰਹੱਦੀ ਖੇਤਰ ਦੇ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਲਈ ਵਚਨਬੱਧ

ਭਗਵੰਤ ਮਾਨ ਦਾ ਵੱਡਾ ਐਲਾਨ – ਪਠਾਨਕੋਟ ਬਣੇਗਾ ਐਡਵੈਂਚਰ ਹੱਬ, ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਤਿਆਰੀ

ਪੰਜਾਬ ਸਰਕਾਰ ਨੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਸਥਾਪਿਤ ਕਰਨ ਲਈ ਮਹੱਤਵਪੂਰਨ ਯੋਜਨਾਵਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਕਿ ਪਠਾਨਕੋਟ ਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਵਿਸ਼ਵ-ਪੱਧਰੀ ਸੈਰ-ਸਪਾਟਾ ਸਥਾਨ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਅੰਮ੍ਰਿਤਸਰ ਅਤੇ ਮੋਹਾਲੀ ਨੂੰ ਵੀ ਆਧੁਨਿਕ ਸੈਰ-ਸਪਾਟਾ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸਰਕਾਰ ਦਾ ਦਾਅਵਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ-ਸਪਾਟਾ ਉਦਯੋਗ ਦਾ ਇੱਕ ਪ੍ਰਮੁੱਖ ਕੇਂਦਰ ਬਣ ਜਾਵੇਗਾ।

ਸੈਰ-ਸਪਾਟਾ-ਮਨੋਰੰਜਨ ਉਦਯੋਗ ਨੂੰ ਹੁਲਾਰਾ ਦੇਣ ਲਈ, CM ਮਾਨ ਨੇ ਉਦਯੋਗਪਤੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਇਸ ਮਹੱਤਵਪੂਰਨ ਯੋਜਨਾ ਦੇ ਤਹਿਤ ਪੰਜਾਬ ਵਿੱਚ ਇੱਕ ਅਤਿ-ਆਧੁਨਿਕ ਫਿਲਮ ਸਿਟੀ ਸਥਾਪਤ ਕਰਨ ਦੀ ਤਿਆਰੀ ਹੈ, ਜੋ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਲਈ ਨਵਾਂ ਕੇਂਦਰ ਬਣੇਗੀ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜੋ ਖੇਡ ਸੈਰ-ਸਪਾਟੇ ਨੂੰ ਨਵੀਆਂ ਉਚਾਈਆਂ ਦੇਵੇਗਾ। ਇਹ ਪਹਿਲ ਨਾ ਸਿਰਫ਼ ਸੂਬੇ ਦੀ ਆਰਥਿਕਤਾ ਨੂੰ ਗਤੀ ਦੇਵੇਗੀ, ਸਗੋਂ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੋਲ੍ਹੇਗੀ।

ਪੰਜਾਬ ਦੀ ਧਰਤੀ, ਜੋ ਕਦੇ ਸਿਰਫ਼ ਖੇਤੀਬਾੜੀ ਲਈ ਜਾਣੀ ਜਾਂਦੀ ਸੀ, ਹੁਣ ਦੇਸ਼ ਦੇ ਸੈਰ-ਸਪਾਟਾ ਨਕਸ਼ੇ ‘ਤੇ ਨਵੇਂ ਰੂਪ ਵਿੱਚ ਉੱਭਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਜੋ ਪਰਿਵਰਤਨਕਾਰੀ ਕਦਮ ਚੁੱਕੇ ਹਨ, ਉਹ ਆਰਥਿਕਤਾ ਨੂੰ ਗਤੀ ਦੇਣ ਦੇ ਨਾਲ-ਨਾਲ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹ ਰਹੇ ਹਨ। 2024-25 ਵਿੱਚ 73 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ, ਪੰਜਾਬ ਹੁਣ ਭਾਰਤ ਦੇ ਚੋਟੀ ਦੇ ਸੈਰ-ਸਪਾਟਾ ਸੂਬਿਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਰਹੀ ਹੈ “ਪੰਜਾਬ ਟੂਰਿਜ਼ਮ ਐਂਡ ਹੈਰੀਟੇਜ ਅਥਾਰਟੀ ਐਕਟ, 2025” ਦਾ ਪਾਸ ਹੋਣਾ। ਇਹ ਇਤਿਹਾਸਕ ਕਾਨੂੰਨ ਸੈਰ-ਸਪਾਟਾ ਵਿਕਾਸ ਦੀਆਂ ਸਾਰੀਆਂ ਯੋਜਨਾਵਾਂ ‘ਤੇ ਇੱਕਜੁਟ ਨਿਗਰਾਨੀ ਯਕੀਨੀ ਬਣਾਉਂਦਾ ਹੈ। ਇਸ ਅਥਾਰਟੀ ਰਾਹੀਂ ਨਿੱਜੀ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਮਿਲੇਗੀ, ਜਦੋਂ ਕਿ ਸਥਾਨਕ ਭਾਈਚਾਰਿਆਂ ਨੂੰ ਸੈਰ-ਸਪਾਟਾ ਮਾਲੀਏ ਵਿੱਚ ਸਿੱਧੀ ਹਿੱਸੇਦਾਰੀ ਮਿਲੇਗੀ। ਇਹ ਕਦਮ ਦਰਸਾਉਂਦਾ ਹੈ ਕਿ ਸਰਕਾਰ ਸੈਰ-ਸਪਾਟੇ ਨੂੰ ਸਿਰਫ਼ ਮਾਲੀਏ ਦਾ ਸਾਧਨ ਨਹੀਂ, ਬਲਕਿ ਸਮਾਜਿਕ-ਆਰਥਿਕ ਪਰਿਵਰਤਨ ਦਾ ਮਾਧਿਅਮ ਮੰਨਦੀ ਹੈ।

ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦਾ ਨਿਵੇਸ਼ ਅਭੂਤਪੂਰਵ ਰਿਹਾ ਹੈ। ਖਟਕੜ ਕਲਾਂ ਸਥਿਤ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਵਿਸ਼ਵ-ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿੱਥੇ 3D ਹੋਲੋਗ੍ਰਾਮ ਅਤੇ ਇੰਟਰਐਕਟਿਵ ਡਿਸਪਲੇਅ ਰਾਹੀਂ ਆਜ਼ਾਦੀ ਦੀ ਲੜਾਈ ਨੂੰ ਜੀਵੰਤ ਕੀਤਾ ਗਿਆ ਹੈ। ਇਸੇ ਤਰ੍ਹਾਂ ਫਿਰੋਜ਼ਪੁਰ ਵਿੱਚ ਸਾਰਾਗੜ੍ਹੀ ਮਿਊਜ਼ੀਅਮ 21 ਸਿੱਖ ਸੈਨਿਕਾਂ ਦੀ ਵੀਰਗਾਥਾ ਨੂੰ ਅੰਤਰਰਾਸ਼ਟਰੀ ਸੈਲਾਨੀਆਂ ਤੱਕ ਪਹੁੰਚਾ ਰਿਹਾ ਹੈ। ਜਲ੍ਹਿਆਂਵਾਲਾ ਬਾਗ, ਕਿਲਾ ਮੁਬਾਰਕ (ਪਟਿਆਲਾ) ਅਤੇ ਹੋਰ ਇਤਿਹਾਸਕ ਸਥਾਨਾਂ ਦਾ ਵੀ ਆਧੁਨਿਕੀਕਰਨ ਕੀਤਾ ਜਾ ਚੁੱਕਾ ਹੈ, ਜਿਸ ਨਾਲ ਘਰੇਲੂ ਅਤੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਗਿਆ ਹੈ।

ਪਠਾਨਕੋਟ ਅਤੇ ਆਸ-ਪਾਸ ਦੇ ਪਹਾੜੀ ਖੇਤਰਾਂ ਨੂੰ ਪੰਜਾਬ ਸਰਕਾਰ ਨੇ ‘ਹਿਮਾਲੀਅਨ ਗੇਟਵੇ ਆਫ਼ ਪੰਜਾਬ’ ਵਜੋਂ ਵਿਕਸਤ ਕਰਨ ਦਾ ਮਹੱਤਵਪੂਰਨ ਟੀਚਾ ਮਿੱਥਿਆ ਹੈ। ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਡੈਮ ਨੂੰ ਐਡਵੈਂਚਰ ਟੂਰਿਜ਼ਮ ਹੱਬ ਵਿੱਚ ਬਦਲਿਆ ਜਾ ਰਿਹਾ ਹੈ, ਜਿੱਥੇ ਜੈੱਟ-ਸਕੀਇੰਗ, ਕਾਈਟ ਸਰਫਿੰਗ, ਜ਼ਿਪ-ਲਾਈਨਿੰਗ ਅਤੇ ਲਗਜ਼ਰੀ ਫਲੋਟਿੰਗ ਰਿਜ਼ੋਰਟ ਵਰਗੀਆਂ ਸਹੂਲਤਾਂ ਉਪਲਬਧ ਹਨ। ਕੰਢੀ ਜ਼ਿਲ੍ਹੇ (ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ) ਵਿੱਚ ਸ਼ਿਵਾਲਿਕ ਪਹਾੜੀਆਂ ਵਿੱਚ 15 ਨਵੇਂ ਟ੍ਰੈਕਿੰਗ ਰੂਟ, ਜੰਗਲ ਸਫ਼ਾਰੀ, ਕੈਂਪਿੰਗ ਸਾਈਟਾਂ ਅਤੇ ਪੇਂਡੂ ਹੋਮਸਟੇ ਵਿਕਸਤ ਕੀਤੇ ਗਏ ਹਨ। ਇਹ ਪਹਿਲ ਨਾ ਸਿਰਫ਼ ਸਾਹਸੀ ਖੇਡਾਂ ਦੇ ਸ਼ੌਕੀਨਾਂ ਨੂੰ ਆਕਰਸ਼ਿਤ ਕਰ ਰਹੀ ਹੈ, ਬਲਕਿ ਸਥਾਨਕ ਨੌਜਵਾਨਾਂ ਨੂੰ ਗਾਈਡ, ਆਪਰੇਟਰ ਅਤੇ ਉੱਦਮੀ ਵਜੋਂ ਰੁਜ਼ਗਾਰ ਵੀ ਦੇ ਰਹੀ ਹੈ।

ਚਮਰੋਡ ਪੋਰਟ (ਅੰਮ੍ਰਿਤਸਰ) ਵਿੱਚ ਮੋਟਰ ਪੈਰਾਗਲਾਈਡਿੰਗ ਅਤੇ ਹੌਟ-ਏਅਰ ਬੈਲੂਨ ਰਾਈਡਜ਼ ਦੀ ਸ਼ੁਰੂਆਤ ਨੇ ਪੰਜਾਬ ਨੂੰ ਐਡਵੈਂਚਰ ਸਪੋਰਟਸ ਦੇ ਨਕਸ਼ੇ ‘ਤੇ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਾਟਰ ਸਪੋਰਟਸ, ਰਾਕ ਕਲਾਈਬਿੰਗ, ਸਾਈਕਲਿੰਗ ਟਰੈਕ ਅਤੇ ਨੇਚਰ ਟਰੇਲਜ਼ ਵਿਕਸਤ ਕੀਤੇ ਜਾ ਰਹੇ ਹਨ।

ਪੇਂਡੂ ਸੈਰ-ਸਪਾਟੇ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਪਛਾਣ ਬਣਾਈ ਹੈ। ਗੁਰਦਾਸਪੁਰ ਦੇ ਨਵਾਂਪਿੰਡ ਸਰਦਾਰਾਂ ਨੂੰ ਭਾਰਤ ਦਾ ਬੈਸਟ ਟੂਰਿਜ਼ਮ ਵਿਲੇਜ 2023 ਘੋਸ਼ਿਤ ਕੀਤਾ ਗਿਆ, ਜਦੋਂ ਕਿ ਫਤਿਹਗੜ੍ਹ ਸਾਹਿਬ ਦੇ ਹੰਸਾਲੀ ਫਾਰਮਸਟੇ ਨੇ ਐਗਰੀ-ਟੂਰਿਜ਼ਮ ਵਿੱਚ ਰਾਸ਼ਟਰੀ ਪੁਰਸਕਾਰ ਜਿੱਤਿਆ। ਹੁਣ 50 ਤੋਂ ਵੱਧ ਪਿੰਡਾਂ ਨੂੰ ਟੂਰਿਜ਼ਮ ਵਿਲੇਜ ਵਜੋਂ ਵਿਕਸਤ ਕਰਨ ਦੀ ਯੋਜਨਾ ਹੈ।

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਵਿਸ਼ਵ ਮੰਚ ਦੇਣ ਲਈ ਸਰਕਾਰ ਨੇ 2025 ਵਿੱਚ ਕਈ ਵੱਡੇ ਸਮਾਗਮ ਕੀਤੇ। ਫਿਰੋਜ਼ਪੁਰ ਦਾ ਬਸੰਤ ਮੇਲਾ, ਕਿਲਾ ਰਾਏਪੁਰ ਗ੍ਰਾਮੀਣ ਓਲੰਪਿਕਸ ਅਤੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਡਿਜੀਟਲ ਯੁੱਗ ਵਿੱਚ ਸੈਰ-ਸਪਾਟੇ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਸਰਕਾਰ ਨੇ ਨਵੀਂ ਟੂਰਿਜ਼ਮ ਐਪ ਲਾਂਚ ਕੀਤੀ ਹੈ, ਜਿਸ ਵਿੱਚ ਹੋਟਲ ਬੁਕਿੰਗ, ਟ੍ਰਾਂਸਪੋਰਟ, ਟੂਰ ਗਾਈਡਾਂ, ਸਮਾਗਮਾਂ ਅਤੇ ਐਮਰਜੈਂਸੀ ਸੇਵਾਵਾਂ ਦੀ ਪੂਰੀ ਜਾਣਕਾਰੀ ਇੱਕੋ ਪਲੇਟਫਾਰਮ ‘ਤੇ ਉਪਲਬਧ ਹੈ। ਸਰਕਾਰ ਨੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ‘ਤੇ Wi-Fi, ਸਮਾਰਟ ਟਾਇਲਟ, ਸੈਲਫੀ ਪੁਆਇੰਟ ਅਤੇ ਇਨਫੋ ਕਿਓਸਕ ਦੀ ਵੀ ਵਿਵਸਥਾ ਕੀਤੀ ਹੈ।

ਸੈਰ-ਸਪਾਟਾ ਖੇਤਰ ਵਿੱਚ ਨਿਵੇਸ਼ ਦਾ ਸਿੱਧਾ ਅਸਰ ਰੁਜ਼ਗਾਰ ਸਿਰਜਣ ‘ਤੇ ਪਿਆ ਹੈ। ਫਿਲਮ ਸਿਟੀ ਅਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਰਗੀਆਂ ਵੱਡੀਆਂ ਯੋਜਨਾਵਾਂ ਨਾਲ ਹਜ਼ਾਰਾਂ ਪ੍ਰਤੱਖ ਅਤੇ ਅਪ੍ਰਤੱਖ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਪੰਜਾਬ ਸਰਕਾਰ ਦਾ ਟੀਚਾ ਹੈ ਕਿ ਅਗਲੇ ਤਿੰਨ ਸਾਲਾਂ ਵਿੱਚ ਸੂਬੇ ਨੂੰ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸੈਰ-ਸਪਾਟਾ ਸੂਬਿਆਂ ਵਿੱਚ ਸ਼ਾਮਲ ਕਰਨਾ ਹੈ, ਸਗੋਂ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ ‘ਤੇ ਵੀ ਇੱਕ ਪ੍ਰਮੁੱਖ ਮੰਜ਼ਿਲ ਵਜੋਂ ਸਥਾਪਿਤ ਕਰਨਾ ਹੈ। ਵਿਕਾਸ, ਸਥਾਨਕ ਸੱਭਿਆਚਾਰ ਦੀ ਸੰਭਾਲ ਅਤੇ ਭਾਈਚਾਰਕ ਭਾਗੀਦਾਰੀ ਇਸ ਨੀਤੀ ਦੇ ਮੂਲ ਵਿੱਚ ਹਨ।

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ।

ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ।
ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ

ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

69 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਦਾ ਸ਼ਾਨਦਾਰ ਆਗਾਜ਼

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਸ਼ਤਰੰਜ) ਅੰਡਰ -17 ਲੜਕੇ/ਲੜਕੀਆਂ ਦਾ ਸ਼ਾਨਦਾਰ ਆਗਾਜ਼ ਸਟੀਫਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਲਾਂ ਚੌਂਕ ਸੰਗਰੂਰ ਵਿਖੇ ਹੋਇਆ। ਸ਼੍ਰੀਮਤੀ ਨਰੇਸ਼ ਸੈਣੀ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸੰਗਰੂਰ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚੋਂ 23 ਜ਼ਿਲ੍ਹਿਆਂ ਦੇ ਅੰਡਰ -17 ਸਾਲ ਦੇ ਲੜਕੇ ਅਤੇ ਲੜਕੀਆਂ ਦੇ ਸ਼ਤਰੰਜ ਦੇ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਟੂਰਨਾਮੈਂਟ ਦੇ ਕਨਵੀਨਰ ਸ੍ਰ ਮਨਦੀਪ ਸਿੰਘ ਡੀ ਪੀ ਈ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਸ਼ਰਮਾ ਨੇ ਅੱਜ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ, ਉਹਨਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਖੇਡ ਭਾਵਨਾ ਤੇ ਇਮਾਨਦਾਰੀ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

*23 ਜ਼ਿਲ੍ਹਿਆਂ ਦੇ ਅੰਡਰ –17 ਸਾਲ ਦੇ ਲੜਕੇ ਅਤੇ ਲੜਕੀਆਂ ਖਿਡਾਰੀ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਰਹੇ

ਇਸ ਮੌਕੇ ਸਟੇਟ ਕਮੇਟੀ ਮੈਂਬਰ ਸ੍ਰ ਸਿਮਰਦੀਪ ਸਿੰਘ ਬਰਨਾਲਾ ਅਤੇ ਬਤੌਰ ਆਬਜ਼ਰਵਰ ਸ੍ਰ ਮਲਕੀਤ ਸਿੰਘ ਬਰਨਾਲਾ ਹਾਜ਼ਰ ਸਨ। ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਲਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਮੈਂਬਰ ਸ੍ਰੀਮਤੀ ਮਨਜੋਤ ਕੌਰ ਅਤੇ ਮੈਂਬਰ ਸਹਿਬਾਨ ਵੀ ਪ੍ਰਬੰਧਾਂ ਸੰਬੰਧੀ ਵੱਖ-ਵੱਖ ਡਿਊਟੀਆਂ ਨਿਭਾਅ ਰਹੇ ਹਨ। ਇਹਨਾਂ ਤੋਂ ਇਲਾਵਾ ਹੈੱਡਮਾਸਟਰ ਸ੍ਰ ਸੁਖਦੀਪ ਸਿੰਘ , ਹੈੱਡਮਾਸਟਰ ਗੁਰਿੰਦਰ ਸਿੰਘ, ਹੈੱਡਮਾਸਟਰ ਪਰਵੀਨ ਜਿੰਦਲ, ਹੈੱਡਮਿਸਟ੍ਰੈਸ਼ ਰਿੰਕਲ ਸਿੰਗਲਾ, ਰਾਕੇਸ਼ ਗੁਪਤਾ, ਰਾਜਪ੍ਰੀਤ ਗੋਇਲ, ਹਰਿੰਦਰ ਸ਼ਰਮਾ, ਸੁਖਚੈਨ ਸਿੰਘ, ਦੀਪਕ ਕੁਮਾਰ, ਮੁਨੀਸ਼ ਦੂਆ ਆਦਿ ਹਾਜ਼ਰ ਹਨ।