BlogLatest NewsNewsPunjabPunjabi

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ…

Latest NewsNewsPunjabPunjabi

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 2 ਸਤੰਬਰ: ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ…

Latest NewsNewsPunjabPunjabi

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਚੰਡੀਗੜ੍ਹ, 2 ਸਤੰਬਰ 2025 ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ…

Latest NewsNewsPunjabPunjabi

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ…

Latest NewsNewsPunjabPunjabi

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ…

ਪੰਜਾਬ ਸਰਕਾਰ ਵੱਲੋਂ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਸਤੰਬਰ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਸੂਬਾ ਵਾਸੀਆਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਉਨ੍ਹਾਂ ਲਈ ਸਮੇਂ ਸਿਰ ਰਾਹਤ ਅਤੇ ਮੁੜ-ਵਸੇਬਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਪਹਿਲੇ ਪੜਾਅ ਵਿੱਚ ਸਾਰੇ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਹੁਣ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ 12 ਜ਼ਿਲ੍ਹਿਆਂ ਲਈ 35.50 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ।

ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਨੂੰ ਇਹ ਫੰਡ ਅਲਾਟ ਕੀਤੇ ਗਏ ਹਨ, ਉਨ੍ਹਾਂ ਵਿੱਚ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਬਠਿੰਡਾ ਨੂੰ 2 ਕਰੋੜ ਰੁਪਏ, ਬਰਨਾਲਾ ਨੂੰ 1 ਕਰੋੜ ਰੁਪਏ, ਫਰੀਦਕੋਟ ਨੂੰ 1 ਕਰੋੜ ਰੁਪਏ, ਫਿਰੋਜ਼ਪੁਰ ਨੂੰ 5 ਕਰੋੜ ਰੁਪਏ, ਫਾਜ਼ਿਲਕਾ ਨੂੰ 5 ਕਰੋੜ ਰੁਪਏ, ਫ਼ਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ, ਗੁਰਦਾਸਪੁਰ ਨੂੰ 6.5 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 3 ਕਰੋੜ ਰੁਪਏ, ਜਲੰਧਰ ਨੂੰ 5 ਕਰੋੜ ਰੁਪਏ, ਕਪੂਰਥਲਾ ਨੂੰ 5 ਕਰੋੜ ਰੁਪਏ, ਲੁਧਿਆਣਾ ਨੂੰ 5 ਕਰੋੜ ਰੁਪਏ, ਮੋਗਾ ਨੂੰ 1.5 ਕਰੋੜ ਰੁਪਏ, ਮਾਨਸਾ ਨੂੰ 1 ਕਰੋੜ ਰੁਪਏ, ਮਾਲੇਰਕੋਟਲਾ ਨੂੰ 1 ਕਰੋੜ ਰੁਪਏ, ਪਟਿਆਲਾ ਨੂੰ 5 ਕਰੋੜ ਰੁਪਏ, ਪਠਾਨਕੋਟ ਨੂੰ 4 ਕਰੋੜ ਰੁਪਏ, ਰੂਪਨਗਰ ਨੂੰ 2.5 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸ.ਏ.ਐਸ. ਨਗਰ ਨੂੰ 2 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1 ਕਰੋੜ ਰੁਪਏ, ਸੰਗਰੂਰ ਨੂੰ 1.5 ਕਰੋੜ ਰੁਪਏ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ 5 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 2 ਸਤੰਬਰ:
ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਉੱਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿੱਚ ਸੋਧ ਕੀਤੀ ਜਾਵੇ।

ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿੱਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐਸ.ਡੀ.ਆਰ.ਐਫ.) ਵਿੱਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨੋਟੀਫਾਇਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫ਼ਸਲਾਂ ਪਾਲਣ ਲਈ ਕਿਸਾਨਾਂ ਦੀ ਵਧੀ ਲਾਗਤ ਦੇ ਮੁਕਾਬਲੇ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ ਮੁਆਵਜ਼ਾ ਬਹੁਤ ਘੱਟ ਹੈ।

ਪਿੰਡ ਗਟੀ ਰਾਜੋ ਕੀ ਵਿੱਚ ਅਧਿਕਾਰੀਆਂ ਨਾਲ ਕਿਸ਼ਤੀ ਰਾਹੀਂ ਹਾਲਾਤ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੱਕਣ ਕੰਢੇ ਪੁੱਜੀਆਂ ਫ਼ਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਹੜ੍ਹਾਂ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਮੌਜੂਦਾ ਚਾਰ ਲੱਖ ਤੋਂ ਵਧਾ ਕੇ ਅੱਠ ਲੱਖ ਰੁਪਏ ਤੱਕ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਫੱਟੜ ਹੋ ਕੇ ਆਪਣੇ ਅੰਗ ਗਵਾਉਣ ਵਾਲਿਆਂ ਨੂੰ 40 ਤੋਂ 60 ਫੀਸਦੀ ਅਪੰਗਤਾ ਲਈ 74 ਹਜ਼ਾਰ ਰੁਪਏ ਮਿਲਦੇ ਹਨ, ਜੋ ਵਧਾ ਕੇ 1.50 ਲੱਖ ਰੁਪਏ ਕੀਤੇ ਜਾਣ ਅਤੇ 60 ਫੀਸਦੀ ਤੋਂ ਵੱਧ ਅਪੰਗਤਾ ਲਈ 2.50 ਲੱਖ ਰੁਪਏ ਤੋਂ ਵਧਾ ਕੇ ਪੰਜ ਲੱਖ ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ ਸਮੇਂ ਉੱਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਲਈ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਮੰਗ ਕਰਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਉਨ੍ਹਾਂ ਨੂੰ ਫੋਨ ਕੀਤਾ ਸੀ ਅਤੇ ਉਨ੍ਹਾਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਜੁਟੀ ਹੋਈ ਹੈ ਅਤੇ ਬਚਾਅ ਤੇ ਰਾਹਤ ਕਾਰਜਾਂ ਰਾਹੀਂ ਪੀੜਤਾਂ ਦੀ ਬਾਂਹ ਫੜੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ਵਿੱਚ ਅੜਿੱਕੇ ਆ ਰਹੇ ਹਨ, ਜੋ ਪੂਰੀ ਤਰ੍ਹਾਂ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਉਦਾਰ ਪਹੁੰਚ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਨੂੰ ਪਹਿਲਾਂ ਹੀ ਚਿੱਠੀ ਲਿਖੀ ਹੈ ਅਤੇ ਅਪੀਲ ਕੀਤੀ ਹੈ ਕਿ ਭਾਰਤ ਸਰਕਾਰ ਕੋਲ ਰੁਕਿਆ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਫੰਡਾਂ ਕਾਰਨ ਪੰਜਾਬ ਦੇ 1300 ਤੋਂ ਵੱਧ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲਾਤ ਹਾਲੇ ਵੀ ਵਿਗੜ ਰਹੇ ਹਨ ਅਤੇ ਆਗਾਮੀ ਦਿਨਾਂ ਵਿੱਚ ਹਾਲਾਤ ਹੋਰ ਬਦਤਰ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਮੇਂ ਤਿੰਨ ਲੱਖ ਏਕੜ ਖੇਤ ਡੁੱਬੇ ਹੋਏ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਖੇਤਾਂ ਵਿੱਚ ਝੋਨੇ ਦੀ ਫ਼ਸਲ ਸੀ, ਜਿਸ ਦੀ ਕੁੱਝ ਹਫ਼ਤਿਆਂ ਵਿੱਚ ਵਾਢੀ ਸ਼ੁਰੂ ਹੋਣੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਧੰਨ ਦਾ ਵੀ ਬਹੁਤ ਨੁਕਸਾਨ ਹੋਇਆ ਹੈ, ਜਿਸ ਨਾਲ ਪੇਂਡੂ ਆਰਥਿਕਤਾ ਉੱਤੇ ਬਹੁਤ ਮਾੜਾ ਅਸਰ ਪਵੇਗਾ ਕਿਉਂਕਿ ਜ਼ਿਆਦਾਤਰ ਲੋਕਾਂ ਦੀ ਰੋਜ਼ੀ-ਰੋਟੀ ਡੇਅਰੀ ਦੇ ਕਿੱਤੇ ਅਤੇ ਪਸ਼ੂ ਪਾਲਣ ਨਾਲ ਜੁੜੀ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਹਿਲਾਂ ਹੀ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੀਨੀਅਰ ਅਫ਼ਸਰਸ਼ਾਹੀ ਨੂੰ ਇਨ੍ਹਾਂ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਇਸ ਦੁਖਾਂਤ ਨਾਲ ਹੋਏ ਅਸਲ ਨੁਕਸਾਨ ਦਾ ਪਤਾ ਲਗਾਇਆ ਅਤੇ ਰਾਹਤ ਕਾਰਜ ਯਕੀਨੀ ਬਣਾਏ ਜਾਣ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਕਿ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਲਈ ਰਾਹਤ ਤੇ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਕੁਦਰਤੀ ਆਫ਼ਤ ਕਾਰਨ ਹੋਏ ਵੱਡੇ ਨੁਕਸਾਨ ਉੱਤੇ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲੀਆ ਇਤਿਹਾਸ ਵਿੱਚ ਇਹ ਜਾਇਦਾਦ ਤੇ ਫ਼ਸਲਾਂ ਦਾ ਸਭ ਤੋਂ ਵੱਡਾ ਨੁਕਸਾਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਹਰੇਕ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਦੀ ਭਾਵਨਾ ਹੈ ਅਤੇ ਇਸ ਮੁਸ਼ਕਲ ਵਿੱਚੋਂ ਨਿਕਲਣ ਲਈ ਸੂਬਾ ਸਰਕਾਰ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਇਆ ਹੈ ਅਤੇ ਸੂਬੇ ਨੂੰ ਉਸ ਦਾ ਜਾਇਜ਼ ਹੱਕ ਮੋੜਨ ਦਾ ਇਹ ਸਹੀ ਸਮਾਂ ਹੈ।

ਪੰਜਾਬ ਵਿੱਚ ਸੇਵਾ ਅਤੇ ਸਮਰਪਣ ਦੀ ਮਿਸਾਲ, ਮਾਨ ਸਰਕਾਰ ਦਾ ਹੜ੍ਹ ਰਾਹਤ ਅਭਿਆਨ ਬਣਿਆ ਜਨਤਾ ਦੀ ਤਾਕਤ

ਚੰਡੀਗੜ੍ਹ, 2 ਸਤੰਬਰ 2025

ਕੁਦਰਤੀ ਆਫ਼ਤ ਦੀ ਇਸ ਔਖੀ ਘੜੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਇੱਕ ਇਤਿਹਾਸਕ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਿਹਾ ਹੜ੍ਹ ਰਾਹਤ ਅਭਿਆਨ ਇਹ ਸਾਬਤ ਕਰਦਾ ਹੈ ਕਿ ਜਦੋਂ ਜਨਤਾ ਉੱਤੇ ਸੰਕਟ ਆਉਂਦਾ ਹੈ, ਤਾਂ ਸੱਚੀ ਤੇ ਸਹੀ ਸਰਕਾਰ ਜਨਤਾ ਦੇ ਵਿਚਕਾਰ ਜਾ ਕੇ ਉਨ੍ਹਾਂ ਦੇ ਨਾਲ ਖੜ੍ਹਦੀ ਹੈ।

ਸਰਕਾਰ ਦੀ ਤੇਜ਼ ਅਤੇ ਸੰਵੇਦਨਸ਼ੀਲ ਕਾਰਵਾਈ ਨਾਲ ਹੁਣ ਤੱਕ 15,688 ਲੋਕਾਂ ਨੂੰ ਸੁਰੱਖਿਤ ਥਾਵਾਂ ਤੱਕ ਪਹੁੰਚਾਇਆ ਗਿਆ ਹੈ ਅਤੇ 7,144 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਪਨਾਹ ਮਿਲੀ ਹੈ। 2.56 ਲੱਖ ਤੋਂ ਜ਼ਿਆਦਾ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਅਤੇ 1,044 ਪਿੰਡਾਂ ਵਿੱਚ ਇਸ  ਦਾ ਅਸਰ ਦੇਖਿਆ ਗਿਆ, ਪਰ ਸਰਕਾਰ ਨੇ ਤੁਰੰਤ ਰਾਹਤ ਅਤੇ ਪੁਨਰਵਾਸ ਕਾਰਜ ਸ਼ੁਰੂ ਕਰ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਤੋਂ ਲੈ ਕੇ ਹਰ ਜ਼ਰੂਰੀ ਸਹੂਲਤ ਪਹੁੰਚਾਉਣ ਤਕ ਹਰ ਕੰਮ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਖੁਦ ਗੁਰਦਾਸਪੁਰ, ਸੁਲਤਾਨਪੁਰ ਲੋਧੀ ਅਤੇ ਪਠਾਨਕੋਟ ਵਰਗੇ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ’ਤੇ ਜਾ ਕੇ ਜਾਇਜ਼ਾ ਲੈ ਚੁੱਕੇ ਹਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਅਸਹਾਇ ਨਹੀਂ ਛੱਡਿਆ ਜਾਵੇਗਾ, ਹਰ ਨੁਕਸਾਨ ਦੀ ਭਰਪਾਈ ਹੋਵੇਗੀ ਅਤੇ ਕਿਹਾ ਕਿ ਯਕੀਨ ਰੱਖੋ ਹਾਲਾਤ ਜਲਦੀ ਪਹਿਲਾਂ ਵਰਗੇ ਹੋ ਜਾਣਗੇ।

ਸਭ ਤੋਂ ਉੱਲੇਖਯੋਗ ਪਹਿਲੂ ਇਹ ਰਿਹਾ ਕਿ ਮੁੱਖ ਮੰਤਰੀ ਮਾਨ ਨੇ ਕੇਵਲ ਰਸਮੀ ਹਵਾਈ ਸਰਵੇਖਣ ਤੱਕ ਸੀਮਿਤ ਰਹਿਣ ਦੀ ਬਜਾਏ ਪੈਦਲ ਪਿੰਡਾਂ ਵਿੱਚ ਜਾ ਕੇ ਜਨਤਾ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਹੱਲ ਦਾ ਇੰਤਜ਼ਾਮ ਕੀਤਾ। ਇਹ ਉਨ੍ਹਾਂ ਦੀ “ਜਨਤਾ ਫਰਸਟ” ਨੀਤੀ ਦਾ ਸਸ਼ਕਤ ਸਬੂਤ ਹੈ, ਜਿਸ ਨੇ ਪ੍ਰਭਾਵਿਤ ਪਰਿਵਾਰਾਂ ਵਿੱਚ ਆਤਮਵਿਸ਼ਵਾਸ ਅਤੇ ਭਰੋਸਾ ਜਗਾਇਆ।

ਮੰਤਰੀਆਂ ਦੇ ਦੌਰਿਆਂ ਨੇ ਇਸ ਰਾਹਤ ਅਭਿਆਨ ਨੂੰ ਹੋਰ ਵੀ ਮਨੁੱਖੀ ਅਤੇ ਪ੍ਰਭਾਵਸ਼ਾਲੀ ਬਣਾਇਆ। ਫੂਡ ਅਤੇ ਸਪਲਾਈ ਮੰਤਰੀ ਲਾਲਚੰਦ ਕਟਾਰੂਚਕ ਬਾਈਕ ਨਾਲ ਭੋਆ ਦੇ ਸਭ ਤੋਂ ਆਖਰੀ ਪਿੰਡਾਂ ਤੱਕ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰ ਉਹਨਾਂ ਦਾ ਹਾਲ ਜਾਣਿਆ, ਮੰਤਰੀ ਹਰਦੀਪ ਮੁੰਡਿਆਂ ਨੇ ਸੁਲਤਾਨਪੁਰ ਲੋਧੀ ਵਿੱਚ ਘਰ-ਘਰ ਜਾ ਕੇ ਸਮੱਸਿਆਵਾਂ ਸੁਣੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਹਤ ਟਰੱਕਾਂ ਨੂੰ ਖੁਦ ਰਵਾਨਾ ਕੀਤਾ, ਜਦੋਂ ਕਿ ਸਿੱਖਿਆ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਰਨਤਾਰਨ ਦੇ ਪੱਟੀ ਖੇਤਰ ਵਿੱਚ ਪਿੰਡ ਵਾਸੀਆਂ ਨਾਲ ਨੰਗੇ ਪੈਰ ਫਾਵੜਾ ਲੈ ਕੇ ਰਾਹਤ ਕਾਰਜਾਂ ਵਿੱਚ ਡਟੇ, ਅਤੇ ਭੂਸਖਲਨ ਨਾਲ ਬਣੇ ਡੂੰਘੇ ਟੋਏ ਨੂੰ ਭਰਨ ਵਿੱਚ ਮਦਦ ਕੀਤੀ। ਫਾਜ਼ਿਲਕਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਨੂਰਸ਼ਾਹ ਪਿੰਡ ਵਿੱਚ ਜਾ ਕੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਸਮੱਗਰੀ ਵੰਡੀ। ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਅਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਨਿੱਜੀ ਤੌਰ ’ਤੇ ਸਮੱਗਰੀ ਵਿਤਰਿਤ ਕੀਤੀ।

ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਨੇ ਆਪਣੇ ਇੱਕ ਮਹੀਨੇ ਦੀ ਪੂਰੀ ਤਨਖਾਹ ਰਾਹਤ ਕੋਸ਼ ਵਿੱਚ ਦਾਨ ਕਰ ਦਿੱਤੀ। ਮੁੱਖ ਮੰਤਰੀ ਤੋਂ ਲੈ ਕੇ ਹਰ ਮੰਤਰੀ ਨੇ ਆਪਣੀ ਨਿੱਜੀ ਆਮਦਨ ਨੂੰ ਜਨਤਾ ਦੀ ਸੇਵਾ ਲਈ ਸਮਰਪਿਤ ਕਰ ਕੇ ਇਹ ਦਿਖਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੇਵਲ ਭਾਸ਼ਣ ਨਹੀਂ ਦਿੰਦੀ, ਬਲਕਿ ਆਪਣੇ ਕੰਮਾਂ ਨਾਲ ਪ੍ਰਤਿਬੱਧਤਾ ਸਾਬਤ ਕਰਦੀ ਹੈ।

ਰਾਹਤ ਅਭਿਆਨ ਦੌਰਾਨ ਸਰਕਾਰ ਨੇ ਕੇਵਲ ਭੌਤਿਕ ਮਦਦ ਹੀ ਨਹੀਂ ਪਹੁੰਚਾਈ, ਬਲਕਿ ਲੋਕਾਂ ਦਾ ਮਨੋਬਲ ਵੀ ਮਜ਼ਬੂਤ ਕੀਤਾ। 3200 ਤੋਂ ਜ਼ਿਆਦਾ ਰਾਸ਼ਨ ਕਿੱਟ, 17,000 ਫੂਡ ਪੈਕੇਟ ਅਤੇ 45,000 ਪਾਣੀ ਦੀਆਂ ਬੋਤਲਾਂ ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚਾਈਆਂ ਗਈਆ। ਪਸ਼ੂਆਂ ਲਈ 700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਬੈਗ ਦਾ ਇੰਤਜ਼ਾਮ ਕੀਤਾ ਗਿਆ। ਇਸ ਦੇ ਨਾਲ ਹੀ 24 ਘੰਟੇ ਸਰਗਰਮ ਹੈਲਪਲਾਈਨ, ਰਾਹਤ ਸਮੱਗਰੀ ਦੀ ਡਿਜਿਟਲ ਟਰੈਕਿੰਗ, ਸਮੁਦਾਇਕ ਰਸੋਈ, ਪਸ਼ੂਆਂ ਲਈ ਮੈਡੀਕਲ ਕੈਂਪ ਅਤੇ ਬੱਚਿਆਂ ਲਈ ਸਲਾਹ-ਮਸ਼ਵਰਾ ਵਰਗੀਆਂ ਨਵੀਨ ਪਹਿਲਾਂ ਨੇ ਇਹ ਸਾਬਤ ਕੀਤਾ ਕਿ ਇਹ ਸਰਕਾਰ ਹਰ ਪਹਿਲੂ ’ਤੇ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਜਨਤਾ ਦੀ ਸੁਰੱਖਿਆ ਅਤੇ ਭਲਾਈ ਹੈ। ਰਾਜਨੀਤੀ ਤੋਂ ਉੱਪਰ ਉੱਠ ਕੇ ਕੇਵਲ ਮਨੁੱਖਤਾ ਦੀ ਸੇਵਾ ਕੀਤੀ ਗਈ ਹੈ। ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ 15 ਦਿਨਾਂ ਦੇ ਅੰਦਰ ਡਾਇਰੈਕਟ ਬੈਨਿਫਿਟ ਟਰਾਂਸਫਰ ਰਾਹੀਂ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਇਸ ਲਈ ਤੁਰੰਤ ਗਿਰਦਾਵਰੀ ਕਰਵਾ ਕੇ ਸਰਵੇ ਸ਼ੁਰੂ ਹੋ ਚੁੱਕਾ ਹੈ।

ਪੰਜਾਬ ਦੀ ਜਨਤਾ ਅੱਜ ਮਾਣ ਨਾਲ ਕਹਿ ਸਕਦੀ ਹੈ ਕਿ ਉਨ੍ਹਾਂ ਨੂੰ ਅਜਿਹੀ ਸਰਕਾਰ ਮਿਲੀ ਹੈ ਜੋ ਕੇਵਲ ਵਾਅਦੇ ਨਹੀਂ ਕਰਦੀ, ਬਲਕਿ ਔਖੀ ਘੜੀ ਵਿੱਚ ਹਰ ਕਦਮ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਰਹਿੰਦੀ ਹੈ। ਮਾਨ ਸਰਕਾਰ ਦਾ ਇਹ ਰਾਹਤ ਅਭਿਆਨ ਸੇਵਾ, ਸਮਰਪਣ ਅਤੇ ਸੰਵੇਦਨਸ਼ੀਲਤਾ ਦੀ ਰਾਜਨੀਤੀ ਦਾ ਸੱਚਾ ਉਦਾਹਰਨ ਬਣ ਕੇ ਸਾਹਮਣੇ ਆਇਆ ਹੈ ਅਤੇ ਇਸ ਨੇ ਪੰਜਾਬ ਨੂੰ ਇੱਕ ਮਜ਼ਬੂਤ ਰਾਜ ਦੇ ਰੂਪ ਵਿੱਚ ਨਵੀਂ ਪਛਾਣ ਦਿੱਤੀ ਹੈ।

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਚੰਡੀਗੜ/ਸ੍ਰੀ ਮੁਕਤਸਰ ਸਾਹਿਬ, 2 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਨੂੰ ਪੰਜ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਵਾਸੀ ਬੱਧਨੀ ਕਲਾਂ, ਮੋਗਾ ਅਤੇ ਗੁਰਸੇਵਕ ਸਿੰਘ ਉਰਫ ਮੋਟਾ ਵਾਸੀ ਪਿੰਡ ਮਾਣੂਕੇ ਸੰਧੂ, ਜਗਰਾਉਂ, ਲੁਧਿਆਣਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .32 ਬੋਰ ਦੇਸੀ ਪਿਸਤੌਲ ਅਤੇ .30 ਬੋਰ ਦੇ  ਇੱਕ ਦੇਸੀ ਪਿਸਤੌਲ ਸਮੇਤ 10 ਮੈਗਜ਼ੀਨ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਵਿਅਕਤੀ ਬਿਸ਼ਨੋਈ ਗਿਰੋਹ ਨਾਲ ਜੁੜੇ ਹੋਏ ਹਨ ਅਤੇ ਇਸਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਸਰਗਰਮੀ ਨਾਲ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਡਾ: ਅਖਿਲ ਚੌਧਰੀ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਮਲੋਟ ਵੱਲੋਂ ਐਸ.ਪੀ. (ਡੀ) ਸ੍ਰੀ ਮੁਕਤਸਰ ਸਾਹਿਬ ਅਤੇ ਡੀ.ਐਸ.ਪੀ. (ਐਸ.ਡੀ.) ਲੰਬੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਨਾਕਾ ਲਗਾਇਆ ਗਿਆ।

ਉਨਾਂ ਕਿਹਾ ਕਿ ਚੈਕਿੰਗ ਦੌਰਾਨ, ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ , ਜਿਨਾਂ ਕੋਲ ਨੀਲੇ ਰੰਗ ਦਾ ਕਿੱਟ ਬੈਗ ਸੀ, ਨੂੰ ਤਲਾਸ਼ੀ ਲਈ  ਰੋਕਿਆ। ਤਲਾਸ਼ੀ ਲੈਣ ਉਪਰੰਤ ਪੁਲਿਸ ਟੀਮਾਂ ਨੇ ਉਕਤ ਕਿੱਟ ਵਿੱਚੋਂ ਨਾਜਾਇਜ਼ ਹਥਿਆਰ ਬਰਾਮਦ ਕੀਤੇ।

ਐਸ.ਐਸ.ਪੀ. ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਦੀਪ ਸਿੰਘ ਪਿਛਲੇ ਸਮੇਂ ਤੋਂ ਹਰਜੋਤ ਸਿੰਘ ਉਰਫ ਨੀਲਾ ਅਤੇ ਜਗਦੀਪ ਸਿੰਘ ਉਰਫ ਜੱਗਾ, ਜੋ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਸਾਥੀ ਹਨ, ਦੇ ਸੰਪਰਕ ਵਿੱਚ ਸੀਂ ।

ਉਨਾਂ ਦੱਸਿਆ ਕਿ ਨੀਲੇ ਦੇ ਨਿਰਦੇਸ਼ਾਂ ‘ਤੇ, ਗੁਰਸੇਵਕ ਅਤੇ ਗੁਰਦੀਪ ਇੰਦੌਰ ਗਏ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਉਨਾਂ ਨੂੰ ਪੰਜ ਪਿਸਤੌਲਾਂ ਦੀ ਖੇਪ ਉਪਲਬਧ ਕਰਵਾਈਆਂ । ਇਨਾਂ ਵਿੱਚੋਂ ਦੋ ਪਿਸਤੌਲ ਮੁਲਜਮਾਂ ਨੇ ਆਪਣੇ ਕੋਲ ਰੱਖਣੇ ਸਨ ਅਤੇ ਬਾਕੀ ਤਿੰਨ ਨੀਲੇ ਨੂੰ ਸਪਲਾਈ ਕੀਤੇ ਜਾਣੇ ਸਨ।

ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਉਰਫ ਨੀਲਾ ਅਤੇ ਜਗਦੀਪ ਸਿੰਘ ਉਰਫ ਜੱਗਾ ਲੋੜੀਂਦੇ ਅਪਰਾਧੀ ਹਨ, ਜਿਨਾਂ ਵਿਰੁੱਧ ਵੱਖ-ਵੱਖ ਜ਼ਿਲਿਆਂ ਅਤੇ ਰਾਜਾਂ ਵਿੱਚ ਕ੍ਰਮਵਾਰ 12 ਅਤੇ 10 ਐਫਆਈਆਰਜ਼ ਦਰਜ ਹਨ।

ਇਸ ਸਬੰਧ ਵਿੱਚ, ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਕਬਰਵਾਲਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 88 ਮਿਤੀ 01/09/2025 ਨੂੰ ਕੇਸ ਦਰਜ ਕੀਤਾ ਗਿਆ  ਹੈ।

ਚੋਣ ਕਮਿਸ਼ਨ ਵੱਲੋਂ ਕਾਂਗਰਸ ਬੁਲਾਰੇ ਪਵਨ ਖੇੜਾ ਨੂੰ ਨੋਟਿਸ ਜਾਰੀ

ਦਿੱਲੀ, 02 ਸਤੰਬਰ 2025:

ਕਾਂਗਰਸ ਬੁਲਾਰੇ ਪਵਨ ਖੇੜਾ (Pawan Khera) ਦੀਆਂ ਮੁਸ਼ਕਿਲਾਂ ਹੁਣ ਉਨ੍ਹਾਂ ਦੇ ਦੋ ਪਛਾਣ ਪੱਤਰ ਨੰਬਰਾਂ ਨੂੰ ਲੈ ਕੇ ਵਧਣ ਵਾਲੀਆਂ ਹਨ। ਇਸ ਮਾਮਲੇ ‘ਚ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਦਫ਼ਤਰ ਨੇ ਕਾਂਗਰਸ ਨੇਤਾ ਪਵਨ ਖੇੜਾ ਨੂੰ ਇੱਕ ਤੋਂ ਵੱਧ ਹਲਕਿਆਂ ਦੀ ਵੋਟਰ ਸੂਚੀ ‘ਚ ਆਪਣੇ ਆਪ ਨੂੰ ਦਰਜ ਕਰਵਾਉਣ ਲਈ ਨੋਟਿਸ ਭੇਜਿਆ ਹੈ।

ਜਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਆਈਟੀ ਸੈੱਲ ਦੇ ਮੁਖੀ ਅਮਿਤ ਮਾਲਵੀਆ ਨੇ ਵੋਟ ਚੋਰੀ ‘ਤੇ ਕਾਂਗਰਸ ‘ਤੇ ਪਲਟਵਾਰ ਕਰਦੇ ਹੋਏ ਪਵਨ ਖੇੜਾ ‘ਤੇ ਗੰਭੀਰ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਪਵਨ ਖੇੜਾ ਨੇ ਦੋ ਹਲਕਿਆਂ ਦੀ ਵੋਟਰ ਸੂਚੀ ‘ਚ ਆਪਣੇ ਆਪ ਨੂੰ ਦਰਜ ਕਰਵਾਇਆ ਹੈ। ਉਨ੍ਹਾਂ ਖੇੜਾ ਦੇ ਦੋ ਪਛਾਣ ਪੱਤਰ ਨੰਬਰ ਵੀ ਸਾਂਝੇ ਕੀਤੇ। ਇਨ੍ਹਾਂ ‘ਚੋਂ ਇੱਕ ਨੰਬਰ ਜੰਗਪੁਰਾ ਵਿਧਾਨ ਸਭਾ ਹਲਕੇ ‘ਚ ਹੈ ਅਤੇ ਦੂਜਾ ਨਵੀਂ ਦਿੱਲੀ ਵਿਧਾਨ ਸਭਾ ਹਲਕੇ ‘ਚ ਹੈ, ਜੋ ਕ੍ਰਮਵਾਰ ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਹਲਕਿਆਂ ਦੇ ਅਧੀਨ ਆਉਂਦੇ ਹਨ।

ਹੜ੍ਹਾਂ ਦੀ ਮਾਰ ਹੇਠਲੇ ਇਲਾਕਿਆਂ ‘ਚੋਂ ਕਰੀਬ 20,000 ਵਿਅਕਤੀ ਸੁਰੱਖਿਅਤ ਕੱਢੇ, 174 ਰਾਹਤ ਕੈਂਪਾਂ ਵਿੱਚ ਬਸੇਰਾ ਕਰ ਰਹੇ ਹਨ 5167 ਵਿਅਕਤੀ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 2 ਸਤੰਬਰ:

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਹਾਲ ਹੀ ਦੇ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਉਣ ਨਾਲ 30 ਮਨੁੱਖੀ ਜਾਨਾਂ ਗਈਆਂ ਹਨ ਅਤੇ 3.54 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਹੁਣ ਤੱਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 19,597 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਿਸ ਵਿੱਚ ਗੁਰਦਾਸਪੁਰ ‘ਚੋਂ (5581 ਵਿਅਕਤੀ), ਫਿਰੋਜ਼ਪੁਰ (3432), ਅੰਮ੍ਰਿਤਸਰ (2734), ਫਾਜ਼ਿਲਕਾ (2422), ਹੁਸ਼ਿਆਰਪੁਰ (1615), ਕਪੂਰਥਲਾ (1428) ਅਤੇ ਪਠਾਨਕੋਟ (1139) ਤੋਂ ਇਲਾਵਾ ਬਰਨਾਲਾ (369), ਜਲੰਧਰ (474), ਰੂਪਨਗਰ (65), ਮਾਨਸਾ (163), ਮੋਗਾ (115) ਅਤੇ ਤਰਨ ਤਾਰਨ ‘ਚੋਂ (60) ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਠਹਿਰ ਅਤੇ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ 174 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚ ਬਰਨਾਲਾ ਵਿੱਚ 29 ਕੈਂਪ, ਪਟਿਆਲਾ ਵਿੱਚ 26, ਗੁਰਦਾਸਪੁਰ ਵਿੱਚ 25, ਹੁਸ਼ਿਆਰਪੁਰ ਵਿੱਚ 20, ਅੰਮ੍ਰਿਤਸਰ ਵਿੱਚ 16, ਪਠਾਨਕੋਟ ਵਿੱਚ 14, ਫਾਜ਼ਿਲਕਾ ਵਿੱਚ 10, ਮੋਗਾ ਵਿੱਚ 9, ਫਿਰੋਜ਼ਪੁਰ ਅਤੇ ਜਲੰਧਰ ਵਿੱਚ 8-8, ਕਪੂਰਥਲਾ ਵਿੱਚ 4, ਰੂਪਨਗਰ ਵਿੱਚ 3 ਅਤੇ ਮਾਨਸਾ ਅਤੇ ਸੰਗਰੂਰ ਵਿੱਚ 1-1 ਕੈਂਪ ਸ਼ਾਮਲ ਹਨ। ਇਸ ਸਮੇਂ ਇਨ੍ਹਾਂ ਕੈਂਪਾਂ ਵਿੱਚ 5167 ਲੋਕਾਂ ਨੂੰ ਠਹਿਰਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਹੁਸ਼ਿਆਰਪੁਰ ਦੇ (1041) ਵਿਅਕਤੀ, ਫਾਜ਼ਿਲਕਾ (1304), ਫਿਰੋਜ਼ਪੁਰ (706), ਗੁਰਦਾਸਪੁਰ (424), ਅੰਮ੍ਰਿਤਸਰ (371), ਬਰਨਾਲਾ (369) ਅਤੇ ਜਲੰਧਰ ਦੇ (474) ਅਤੇ ਹੋਰਨਾਂ ‘ਚ ਮਾਨਸਾ ਦੇ 163, ਮੋਗਾ ਦੇ 115, ਸੰਗਰੂਰ ਦੇ 60, ਕਪੂਰਥਲਾ ਦੇ 57, ਪਠਾਨਕੋਟ ਦੇ 48 ਅਤੇ ਰੂਪਨਗਰ ਦੇ 35 ਵਿਅਕਤੀ ਸ਼ਾਮਲ ਹਨ।

ਪਿੰਡਾਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਕੁੱਲ 1400 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਗੁਰਦਾਸਪੁਰ ਜ਼ਿਲ੍ਹੇ ਦੇ (324 ਪਿੰਡ), ਅੰਮ੍ਰਿਤਸਰ (135), ਹੁਸ਼ਿਆਰਪੁਰ (119), ਕਪੂਰਥਲਾ (115), ਮਾਨਸਾ (108), ਫਿਰੋਜ਼ਪੁਰ (93), ਪਠਾਨਕੋਟ (82), ਫਾਜ਼ਿਲਕਾ (72), ਜਲੰਧਰ (62) ਅਤੇ ਤਰਨ ਤਾਰਨ ਦੇ (66) ਪਿੰਡ ਸ਼ਾਮਲ ਹਨ। ਇਸ ਤੋਂ ਇਲਾਵਾ ਮੋਗਾ ਵਿੱਚ 48 ਪਿੰਡ, ਰੂਪਨਗਰ ਵਿੱਚ 44, ਬਰਨਾਲਾ ਵਿੱਚ 34, ਲੁਧਿਆਣਾ ਵਿੱਚ 26, ਸ੍ਰੀ ਮੁਕਤਸਰ ਸਾਹਿਬ ਵਿੱਚ 23, ਪਟਿਆਲਾ ਵਿੱਚ 16, ਫ਼ਰੀਦਕੋਟ ਵਿੱਚ 15, ਸੰਗਰੂਰ ਵਿੱਚ 13 ਅਤੇ ਮਾਲੇਰਕੋਟਲਾ ਵਿੱਚ 5 ਪਿੰਡ ਪ੍ਰਭਾਵਿਤ ਹੋਏ ਹਨ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹਾਂ ਕਾਰਨ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁੱਲ 3,54,626 ਆਬਾਦੀ ਪ੍ਰਭਾਵਿਤ ਹੋਈ ਹੈ। ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ ‘ਚ 1,45,000 ਲੋਕ, ਅੰਮ੍ਰਿਤਸਰ ਵਿੱਚ 1,17,534, ਫਿਰੋਜ਼ਪੁਰ ਵਿੱਚ 38,112 ਅਤੇ ਫਾਜ਼ਿਲਕਾ ਵਿੱਚ 21,562 ਲੋਕ ਪ੍ਰਭਾਵਿਤ ਹੋਏ ਹਨ। ਹੋਰ ਜ਼ਿਲ੍ਹਿਆਂ ਵਿੱਚ ਪਠਾਨਕੋਟ ਵਿੱਚ 15,053, ਕਪੂਰਥਲਾ ਵਿੱਚ 5748, ਐਸ.ਏ.ਐਸ. ਨਗਰ ਵਿੱਚ 7000, ਹੁਸ਼ਿਆਰਪੁਰ ਵਿੱਚ 1960 ਅਤੇ ਜਲੰਧਰ ਵਿੱਚ 991 ਵਿਅਕਤੀ ਪ੍ਰਭਾਵਿਤ ਹੋਏ ਹਨ। ਘੱਟ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਰਨਾਲਾ ‘ਚ (403) ਲੋਕ, ਮੋਗਾ (800), ਰੂਪਨਗਰ (300) ਅਤੇ ਮਾਨਸਾ ਵਿੱਚ 163 ਲੋਕ ਪ੍ਰਭਾਵਿਤ ਹੋਏ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 1,48,590 ਹੈਕਟੇਅਰ ਰਕਬੇ ‘ਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ। ਇਨ੍ਹਾਂ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਗੁਰਦਾਸਪੁਰ ‘ਚ (40,193 ਹੈਕਟੇਅਰ), ਮਾਨਸਾ (27,291), ਅੰਮ੍ਰਿਤਸਰ (23,000), ਕਪੂਰਥਲਾ (14,934), ਫਿਰੋਜ਼ਪੁਰ (14,665) ਅਤੇ ਤਰਨ ਤਾਰਨ (11,883 ਹੈਕਟੇਅਰ), ਹੁਸ਼ਿਆਰਪੁਰ (5971), ਜਲੰਧਰ (3000) ਅਤੇ ਪਠਾਨਕੋਟ (2442) ਸ਼ਾਮਲ ਹਨ। ਇਸੇ ਤਰ੍ਹਾਂ ਐਸ.ਏ.ਐਸ ਨਗਰ (2000), ਪਟਿਆਲਾ (1450), ਮੋਗਾ (949), ਰੂਪਨਗਰ (300), ਫ਼ਰੀਦਕੋਟ (141), ਲੁਧਿਆਣਾ (108), ਬਠਿੰਡਾ (97), ਸ੍ਰੀ ਮੁਕਤਸਰ ਸਾਹਿਬ (84), ਫਾਜ਼ਿਲਕਾ (64), ਐਸਬੀਐਸ ਨਗਰ (7), ਮਾਲੇਰਕੋਟਲਾ (5), ਸੰਗਰੂਰ (3), ਬਰਨਾਲਾ (2), ਫਤਹਿਗੜ੍ਹ ਸਾਹਿਬ ‘ਚ (1) ਹੈਕਟੇਅਰ ਫ਼ਸਲੀ ਰਕਬੇ ਨੂੰ ਨੁਕਸਾਨ ਪਹੁੰਚਿਆ ਹੈ।

ਰਾਹਤ ਕਾਰਜਾਂ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਜ਼ਿਲ੍ਹਿਆਂ 23 ਐਨ.ਡੀ.ਆਰ.ਐਫ ਟੀਮਾਂ ਪੂਰੀ ਮਿਹਨਤ ਨਾਲ ਕੰਮ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਪਠਾਨਕੋਟ ‘ਚ (1) ਟੀਮ, ਗੁਰਦਾਸਪੁਰ (6), ਅੰਮ੍ਰਿਤਸਰ (6), ਫਿਰੋਜ਼ਪੁਰ (3), ਫਾਜ਼ਿਲਕਾ (3), ਬਠਿੰਡਾ (1), ਜਲੰਧਰ (2) ਅਤੇ ਰੂਪਨਗਰ ਵਿੱਚ (1) ਟੀਮ ਸ਼ਾਮਲ ਹੈ। ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਨੇ ਬਚਾਅ ਅਤੇ ਰਾਹਤ ਕਾਰਜਾਂ ਲਈ 12 ਟੁਕੜੀਆਂ ਤਾਇਨਾਤ ਕੀਤੀਆਂ ਹਨ ਅਤੇ 8 ਟੁਕੜੀਆਂ ਨੂੰ ਤਿਆਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ 2 ਇੰਜੀਨੀਅਰ ਟੀਮਾਂ ਅਤੇ ਲਗਭਗ 35 ਹੈਲੀਕਾਪਟਰ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ। ਬੀ.ਐਸ.ਐਫ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਮੀਨੀ ਪੱਧਰ ‘ਤੇ ਸਹਾਇਤਾ ਪ੍ਰਦਾਨ ਕਰ ਰਹੀ ਹੈ। ਇਸ ਤੋਂ ਇਲਾਵਾ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਬਾਹਰ ਕੱਢਣ ਲਈ 114 ਕਿਸ਼ਤੀਆਂ ਅਤੇ ਸੂਬੇ ਦੇ ਇੱਕ ਹੈਲੀਕਾਪਟਰ ਨੂੰ ਕੰਮ ਵਿੱਚ ਲਗਾਇਆ ਗਿਆ ਹੈ।