Latest NewsNewsPunjabPunjabi

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ…

AgricultureLatest NewsNewsPunjabPunjabi

ਅਸੀਂ ਆਪਣੇ ਕਿਸਾਨਾਂ ਲਈ ਲੜਾਂਗੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ…

BlogLatest NewsNationalNewsPunjabi

ਅਡਾਨੀ ਗਰੁੱਪ ਨੇ 81,000 ਕਰੋੜ ਰੁਪਏ ਵਿੱਚ ਓਰੀਐਂਟ ਸੀਮੈਂਟ ਖਰੀਦਣ ਦਾ ਐਲਾਨ ਕੀਤਾ

ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ।…

AgricultureLatest NewsNewsPunjabPunjabi

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ…

Latest NewsNewsPunjabPunjabiVigilance Bureau

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ…

EducationLatest NewsNewsPunjabPunjabi

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਸੂਬੇ ਦੇ ਸਾਰੇ…

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖ਼ਾਹ 30 ਨੂੰ ਜਾਰੀ ਕਰਨ ਦੇ ਹੁਕਮ ਜਾਰੀ ਕਿਤੇ ਗਏ ਹਨ।

ਡਾਊਨਲੋਡ ਨੋਟੀਫਿਕੇਸ਼ਨ:-

Letter regarding issuance of salary on 30th October 2024

 

ਅਸੀਂ ਆਪਣੇ ਕਿਸਾਨਾਂ ਲਈ ਲੜਾਂਗੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਨੂੰ ਯਕੀਨੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਰਵੱਈਏ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।

ਮੰਤਰੀ ਚੀਮਾ ਨੇ ਭਾਰਤ ਦੇ ਖੇਤੀ ਇਤਿਹਾਸ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ।  ਉਨ੍ਹਾਂ ਨੇ 1947 ਵਿੱਚ ਆਜ਼ਾਦੀ ਦੇ ਸਮੇਂ ਦੇਸ਼ ਨੂੰ ਦਰਪੇਸ਼ ਗੰਭੀਰ ਸਥਿਤੀਆਂ ਨੂੰ ਯਾਦ ਕੀਤਾ, ਜਦੋਂ ਭੋਜਨ ਦੀ ਕਮੀ ਅਤੇ ਭੁੱਖਮਰੀ ਦੇ ਮੁੱਦੇ ਵਿਆਪਕ ਸਨ।  ਉਨ੍ਹਾਂ ਨੇ 1962 ਵਿੱਚ ਖੇਤੀਬਾੜੀ ਖੇਤਰ ਦੀ ਕਾਇਆ ਕਲਪ ਕਰਨ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਨੂੰ ਸਵੀਕਾਰ ਕੀਤਾ, ਜਿਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਹੋਈ। ਇਸ ਸੰਸਥਾ ਨੇ ਉਦੋਂ ਤੋਂ ਫ਼ਸਲਾਂ ਦੇ ਉਤਪਾਦਨ, ਖ਼ਾਸ ਕਰਕੇ ਕਣਕ ਅਤੇ ਚੌਲਾਂ ਵਿੱਚ ਵਾਧਾ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

 

ਉਨ੍ਹਾਂ ਕਿਹਾ “ਪੰਜਾਬ ਪ੍ਰਤੀ ਹੈਕਟੇਅਰ ਲਗਭਗ 12 ਟਨ ਚੌਲ ਪੈਦਾ ਕਰਦਾ ਹੈ, ਜੋ ਵਿਸ਼ਵ ਪੱਧਰ ‘ਤੇ ਬੇਮਿਸਾਲ ਹੈ।  ਦੇਸ਼ ਦੇ ਸਿਰਫ਼ 1.53% ਭੂਮੀ ਖੇਤਰ ‘ਤੇ ਕਬਜ਼ਾ ਕਰਨ ਦੇ ਬਾਵਜੂਦ, ਪੰਜਾਬ ਭਾਰਤ ਵਿੱਚ ਲਗਭਗ 22% ਚੌਲਾਂ ਅਤੇ 40% ਕਣਕ ਦੇ ਉਤਪਾਦਨ ਵਿੱਚ ਯੋਗਦਾਨ ਪਾਉਂਦਾ ਹੈ। ਮੰਤਰੀ ਚੀਮਾ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦਾ ਉਨ੍ਹਾਂ ਦੇ ਸਮਰਪਣ ਲਈ ਧੰਨਵਾਦ ਕੀਤਾ।

ਉਨ੍ਹਾਂ ਮੌਜੂਦਾ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਸਲੂਕ ’ਤੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਿਤਕਰਾ ਕਰਨ ਅਤੇ ਸੂਬੇ ਦੇ ਖ਼ਿਲਾਫ਼ ਵੰਡ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਵਿਵਾਦਿਤ ਕਾਨੂੰਨਾਂ ਵਿਰੁੱਧ ਪੰਜਾਬ ਦੀ ਅਗਵਾਈ ਵਿੱਚ ਕੀਤੇ ਗਏ ਵਿਆਪਕ ਪ੍ਰਦਰਸ਼ਨਾਂ ਨੂੰ ਯਾਦ ਕੀਤਾ, ਜੋ ਆਖ਼ਿਰਕਾਰ ਪੰਜਾਬ ਦੇ ਨਾਗਰਿਕਾਂ ਦੇ ਸਾਂਝੇ ਯਤਨਾਂ ਸਦਕਾ ਰੱਦ ਕਰ ਦਿੱਤੇ ਗਏ ਸਨ।

ਮੰਤਰੀ ਚੀਮਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚੋਂ ਖ਼ਰੀਦੇ ਗਏ ਅਨਾਜ ਦੀ ਲਿਫ਼ਟਿੰਗ ਨਾ ਕਰਨ ਦੀ ਆਲੋਚਨਾ ਕਰਦਿਆਂ ਇਸ ਨੂੰ ਕਿਸਾਨਾਂ ਨਾਲ ਧੱਕਾ ਕਰਾਰ ਦਿੱਤਾ।  ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਕੈਬਨਿਟ ਮੈਂਬਰਾਂ ਨੇ ਇਨ੍ਹਾਂ ਮੁੱਦਿਆਂ ਬਾਰੇ ਕੇਂਦਰੀ ਅਧਿਕਾਰੀਆਂ ਨਾਲ ਸਰਗਰਮੀ ਨਾਲ ਗੱਲਬਾਤ ਕੀਤੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਆਪਣੇ ਸਮਾਜ ਦੇ ਕਿਸੇ ਵੀ ਵਰਗ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ।” ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਇਰਾਦੇ ਪੰਜਾਬ ਅਤੇ ਇਸ ਦੇ ਖੇਤੀਬਾੜੀ ਸੈਕਟਰ ਨੂੰ ਕਮਜ਼ੋਰ ਕਰਨਾ ਹੈ।

ਮੰਤਰੀ ਚੀਮਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਵੱਲੋਂ ਦਰਪੇਸ਼ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹਨ ਲਈ ਵਚਨਬੱਧ ਹੈ।  “ਅਸੀਂ ਆਪਣੇ ਕਿਸਾਨਾਂ ਲਈ ਲੜਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।

ਅਡਾਨੀ ਗਰੁੱਪ ਨੇ 81,000 ਕਰੋੜ ਰੁਪਏ ਵਿੱਚ ਓਰੀਐਂਟ ਸੀਮੈਂਟ ਖਰੀਦਣ ਦਾ ਐਲਾਨ ਕੀਤਾ

ਅਡਾਨੀ ਗਰੁੱਪ ਦੀ ਅੰਬੂਜਾ ਸੀਮੈਂਟ ਨੇ ਸੈਕਟਰ ਵਿੱਚ ਆਪਣਾ ਦਬਦਬਾ ਵਧਾਉਂਦੇ ਹੋਏ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਦਾ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਇਸ ਐਕਵਾਇਰ ‘ਤੇ 81,000 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਕੰਪਨੀ ਇਸ ਖਰੀਦ ਨੂੰ ਪੂਰਾ ਕਰਨ ਲਈ ਆਪਣੇ ਫੰਡਾਂ ਦੀ ਵਰਤੋਂ ਕਰੇਗੀ। ਇਸ ਐਕਵਾਇਰ ਤੋਂ ਬਾਅਦ, ਅਡਾਨੀ ਸੀਮੈਂਟ ਦੀ ਕੁੱਲ ਸੰਚਾਲਨ ਸਮਰੱਥਾ 97.4 MTPA ਟਨ ਪ੍ਰਤੀ ਸਾਲ ਹੋਵੇਗੀ ਅਤੇ ਮਾਰਚ 2025 ਤੱਕ 100 ਮਿਲੀਅਨ ਟਨ ਦਾ ਉਤਪਾਦਨ ਹੋਵੇਗਾ।

ਅਡਾਨੀ ਸੀਮੈਂਟ ਦੀ ਬਾਜ਼ਾਰ ਹਿੱਸੇਦਾਰੀ 2% ਵਧੀ

ਸਟਾਕ ਐਕਸਚੇਂਜ ਕੋਲ ਇੱਕ ਰੈਗੂਲੇਟਰੀ ਫਾਈਲਿੰਗ ਵਿੱਚ, ਅੰਬੂਜਾ ਸੀਮੈਂਟ ਨੇ ਕਿਹਾ ਕਿ ਓਰੀਐਂਟ ਸੀਮੈਂਟ ਦੀ ਪ੍ਰਾਪਤੀ ਨਾਲ ਉਨ੍ਹਾਂ ਦੀ ਉਤਪਾਦਨ ਸਮਰੱਥਾ 8.5 ਮਿਲੀਅਨ ਟਨ ਪ੍ਰਤੀ ਸਾਲ ਵਧੇਗੀ। ਨਾਲ ਹੀ, ਅਡਾਨੀ ਸੀਮੈਂਟ ਦੀ ਮਾਰਕੀਟ ਹਿੱਸੇਦਾਰੀ ਦੋ ਫੀਸਦੀ ਵਧੇਗੀ। ਇਸ ਖਬਰ ਦੇ ਬਾਵਜੂਦ ਅੰਬੂਜਾ ਸੀਮੈਂਟ ਦਾ ਸਟਾਕ 1.49 ਫੀਸਦੀ ਡਿੱਗ ਕੇ 563.15 ਰੁਪਏ ‘ਤੇ ਕਾਰੋਬਾਰ ਕਰ ਰਿਹਾ ਹੈ।

ਪ੍ਰਾਪਤੀ 3 ਤੋਂ 4 ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।

ਇੱਕ ਰੈਗੂਲੇਟਰੀ ਫਾਈਲਿੰਗ ਵਿੱਚ, ਕੰਪਨੀ ਨੇ ਕਿਹਾ ਕਿ ਉਸਨੇ ਓਰੀਐਂਟ ਸੀਮੈਂਟ ਲਿਮਟਿਡ ਦੀ 37.90% ਹਿੱਸੇਦਾਰੀ ਖਰੀਦਣ ਲਈ ਇੱਕ ਸਮਝੌਤਾ ਕੀਤਾ ਹੈ, ਜਿਸਦੀ ਰਕਮ 7,76,49,413 ਇਕੁਇਟੀ ਸ਼ੇਅਰ ਹੋਵੇਗੀ। ਕੰਪਨੀ 8.90 ਫੀਸਦੀ ਹਿੱਸੇਦਾਰੀ ਜਾਂ 1,82,23,750 ਇਕਵਿਟੀ ਸ਼ੇਅਰ ਵੀ ਖਰੀਦੇਗੀ। ਇਸ ਤੋਂ ਇਲਾਵਾ ਅੰਬੂਜਾ ਸੀਮੈਂਟ ਓਰੀਏਟ ਸੀਮੈਂਟ ਦੇ ਮੌਜੂਦਾ ਸ਼ੇਅਰਧਾਰਕਾਂ ਤੋਂ 395.40 ਰੁਪਏ ਪ੍ਰਤੀ ਸ਼ੇਅਰ ਦੀ ਕੀਮਤ ‘ਤੇ 26 ਫੀਸਦੀ ਹਿੱਸੇਦਾਰੀ ਦੇ ਤਹਿਤ 5,34,19,567 ਸ਼ੇਅਰ ਖਰੀਦਣ ਦੀ ਖੁੱਲ੍ਹੀ ਪੇਸ਼ਕਸ਼ ਕਰੇਗੀ। ਅੰਬੂਜਾ ਸੀਮੈਂਟ ਨੇ ਕਿਹਾ ਕਿ ਇਹ ਐਕਵਾਇਰ 3-4 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ।

2028 ਤੱਕ 140 ਮਿਲੀਅਨ ਟਨ ਦਾ ਟੀਚਾ

ਓਰੀਐਂਟ ਸੀਮੈਂਟ ਦੀ ਖਰੀਦ ਤੋਂ ਬਾਅਦ ਅੰਬੂਜਾ ਸੀਮੈਂਟ ਦਾ ਸਾਲਾਨਾ ਉਤਪਾਦਨ 2025 ਤੱਕ 100 ਮਿਲੀਅਨ ਟਨ ਤੱਕ ਪਹੁੰਚ ਜਾਵੇਗਾ। ਇਸ ਨੂੰ ਵਧਾ ਕੇ 2028 ਤੱਕ ਕੰਪਨੀ ਨੇ 140 ਮਿਲੀਅਨ ਟਨ ਦਾ ਟੀਚਾ ਰੱਖਿਆ ਹੈ। ਇਸ ਤੋਂ ਪਹਿਲਾਂ ਅਡਾਨੀ ਗਰੁੱਪ ਨੇ ਦਸੰਬਰ 2023 ‘ਚ ਸੰਘੀ ਸੀਮੈਂਟ ਲਿਮਟਿਡ ਨੂੰ ਐਕੁਆਇਰ ਕੀਤਾ ਸੀ। ਇਸ ਸਾਲ ਗਰੁੱਪ ਨੇ ਪੇਨਾ ਸੀਮੈਂਟ ਖਰੀਦਣ ਦਾ ਵੀ ਐਲਾਨ ਕੀਤਾ ਹੈ। ਅੰਬੂਜਾ ਸੀਮੈਂਟ ਦੇ ਡਾਇਰੈਕਟਰ ਕਰਨ ਅਡਾਨੀ ਨੇ ਕਿਹਾ ਕਿ ਇਹ ਪ੍ਰਾਪਤੀ ਸਮੇਂ ਸਿਰ ਹੈ ਅਤੇ ਦੋ ਸਾਲਾਂ ਵਿੱਚ 30 ਮਿਲੀਅਨ ਟਨ ਹੋਰ ਸਮਰੱਥਾ ਬਣਾਉਣ ਵਿੱਚ ਮਦਦ ਕਰੇਗੀ।

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

Cabinet Minister S. Gurmeet Singh Khuddiyan

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ ਦੀ ਲਿਫ਼ਟਿੰਗ ਵਿੱਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਕਰਕੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 31 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਵਿੱਚੋਂ 28 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਚੁੱਕਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਭੰਡਾਰਨ ਸਮਰੱਥਾ ਦੀ ਘਾਟ ਹੋਣ ਕਾਰਨ ਫ਼ਸਲ ਦੀ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਤਬਦੀਲ ਕਰਨ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਹੱਲ ਲੱਭਣ ਲਈ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਕੀਤੀਆਂ ਗਈਆਂ ਨਿੱਜੀ ਬੇਨਤੀਆਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕੀ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਉਕਤ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਜਾਂਚ ਤੋਂ ਬਾਅਦ ਉਕਤ ਦੋਸ਼ੀ ਪਟਵਾਰੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਸਿੱਖਿਆ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦੇ ਰਾਹ ’ਤੇ ਪੰਜਾਬ, ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਮੁੱਖ ਮੰਤਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।

ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸਾਲੀ ਕਦਮ ਹੈ ਕਿਉਂਕਿ ਇਸ ਤੋਂ ਪਹਿਲਾਂ ਅਜਿਹੀਆਂ ਪੀ.ਟੀ.ਐਮਜ਼ ਸਿਰਫ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀਆਂ ਸਨ ਜਦਕਿ ਸਰਕਾਰੀ ਸਕੂਲ ਅਜਿਹੇ ਅਹਿਮ ਮੌਕਿਆਂ ਤੋਂ ਮਹਿਰੂਮ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਲਈ ਇਹ ਕਦਮ ਸਿੱਖਿਆ ਦੇ ਬਿਹਤਰੀਨ ਅਮਲਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 202 ਪ੍ਰਿੰਸੀਪਲਾਂ/ਸਿੱਖਿਆ ਅਫਸਰਾਂ ਦੇ ਛੇ ਬੈਚ ਪੰਜ ਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦਾ ਬੈਚ ਲੰਘੇ ਸ਼ੁੱਕਰਵਾਰ ਨੂੰ ਪੇਸ਼ੇਵਾਰਾਨਾ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਦੇ ਦੌਰੇ ਉਤੇ ਗਿਆ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ 152 ਹੈੱਡਮਾਸਟਰ/ਸਿੱਖਿਆ ਅਫਸਰ ਦੇ ਤਿੰਨ ਬੈਚ ਆਹਲਾ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲ ਤੋਂ ਵੱਧ ਸਮਾਂ ਸੇਵਾ ਨਿਭਾਉਣ ਵਾਲੇ 12316 ਯੋਗ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ, 2022 ਤੋਂ ਹੁਣ ਤੱਕ 10361 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਕੂਲਾਂ ਦੀ ਸੁਰੱਖਿਆ ਅਤੇ ਸਫਾਈ ਲਈ 82 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਆਹਲਾ ਦਰਜੇ ਦੇ ‘ਸਕੂਲ ਆਫ਼ ਐਮੀਨੈਂਸ’ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਪ੍ਰਦਾਨ ਕਰਨ ਲਈ 35 ਕਰੋੜ ਰੁਪਏ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ ਐਮੀਨੈਂਸ ਅਤੇ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲੜਕੀਆਂ ਲਈ ਟਰਾਂਸਪੋਰਟ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿੱਚ ਜਨਮ ਤੋਂ ਹੀ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਨ੍ਹਾਂ ਵਿਦਿਆਰਥੀਆਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਗੁਣ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਸੁਪਨਿਆਂ ਦੀ ਉਡਾਰੀ ਭਰਨਗੇ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਢੁਕਵਾਂ ਮੰਚ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਵਿਦਿਆਰਥੀ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਮਰੱਥਾ ਅਤੇ ਕਾਬਲੀਅਤ ‘ਤੇ ਭਰੋਸਾ ਹੋਣਾ ਚਾਹੀਦਾ ਹੈ ਕਿਉਂਕਿ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਵਿਸ਼ੇ ਨੂੰ ਅਪਣਾਉਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ ਸਗੋਂ ਉਨ੍ਹਾਂ ਨੂੰ ਆਪਣੀ ਮਰਜ਼ੀ ਅਨੁਸਾਰ ਚੱਲਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਤਰਜੀਹਾਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਣੀ ਦੀ ਸਫ਼ਾਈ ਅਤੇ ਸੰਭਾਲ ‘ਤੇ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਰੀਚਾਰਜਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗਾ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨ ਵੱਕਾਰੀ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਗਲੀਆਂ ਚੋਣਾਂ ਦਾ ਫਿਕਰ ਨਹੀਂ ਹੈ ਸਗੋਂ ਉਹ ਅਗਲੀਆਂ ਪੀੜ੍ਹੀਆਂ ਲਈ ਕੰਮ ਕਰ ਰਹੇ ਹਨ ਜਿਸ ਕਰਕੇ ਲੋਕ ਭਲਾਈ ਲਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਕੁਦਰਤੀ ਵਸੀਲਿਆਂ ਦੀ ਨਿਆਮਤ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਦੁਨੀਆ ਭਰ ਦੇ ਟੂਰਿਸਟਾਂ ਨੂੰ ਆਕਰਸ਼ਿਤ ਕਰਨ ਲਈ ਸੈਰ-ਸਪਾਟੇ ਦੇ ਪ੍ਰਮੁੱਖ ਟਿਕਾਣਿਆਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾਵਾਂ ਹਨ ਜਿਸ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਉਪਬੰਧਾਂ ਤਹਿਤ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਸੰਵਿਧਾਨਕ ਬਾਡੀ ਹੈ ਜੋ ਪ੍ਰਮੁੱਖ ਤੌਰ ਉਤੇ ਪੰਜਾਬ ਤੇ ਹਰਿਆਣਾ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਦੀਆਂ ਖਾਲੀ ਅਸਾਮੀਆਂ ਭਰਨ ਲਈ ਪਹਿਲਾਂ ਹੀ ਪ੍ਰਕਿਰਿਆ ਹੇਠ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੇ ਕੋਟੇ ਦੀਆਂ ਸਾਰੀਆਂ ਅਸਾਮੀਆਂ ਪਹਿਲਾਂ ਹੀ ਭਰ ਦਿੱਤੀਆਂ ਹਨ ਅਤੇ ਹੁਣ ਬੀ.ਬੀ.ਐਮ.ਬੀ. ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਿਕਾਰਡ ‘ਤੇ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ਵਿੱਚ ਨੌਜਵਾਨਾਂ ਦੇ ਦਾਖਲਿਆਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸਿੱਖਿਆ ਸਕੱਤਰ ਕੇ.ਕੇ. ਯਾਦਵ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।