Latest NewsNewsPunjabPunjabiVigilance Bureau

ਵਿਜੀਲੈਂਸ ਪੰਜਾਬ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ…

Latest NewsNewsPunjabPunjabi

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ- ਮਾਨਸਾ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ…

Latest NewsNewsPunjabPunjabi

ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ…

Latest NewsNewsPunjabPunjabi

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ…

Latest NewsNewsPunjabPunjabi

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ…

HaryanaLatest NewsNewsPunjabi

ਭਾਜਪਾ ਨੇ ਗੁੱਸੇ ‘ਚ ਆਏ ਲੋਕਾਂ ਨੂੰ ਸ਼ਾਂਤ ਕੀਤਾ, ਕਵਿਤਾ ਜੈਨ ਦੇ ਘਰ ਪਹੁੰਚੇ ਐਕਟਿੰਗ CM ਸੈਣੀ, ਰਾਜੀਵ ਅੱਜ ਵਾਪਸ ਲੈਣਗੇ ਨਾਮਜ਼ਦਗੀ ਪੱਤਰ

ਪਿਛਲੇ ਕੁਝ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਆਪਣੇ ਵਿਛੜੇ ਆਗੂਆਂ ਨੂੰ ਯਾਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਸਾਬਕਾ…

ਵਿਜੀਲੈਂਸ ਪੰਜਾਬ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਨਕੋਦਰ ਦਿਹਾਤੀ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਹੌਲਦਾਰ ਕੰਵਰਪਾਲ ਸਿੰਘ ਨੂੰ 49800 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਸ ਨੂੰ ਜਲੰਧਰ ਦੀ ਅਦਾਲਤ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮਦਰੱਸਾ ਦੇ ਵਸਨੀਕ ਲਖਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸਕਿਓਰਿਟੀ ਗਾਰਡ ਹੈ ਅਤੇ ਉਸਨੇ ਪੀ.ਐਚ.ਜੀ. ਵਿੱਚ ਸੇਵਾ ਨਿਭਾਉਂਦੇ ਆਪਣੇ ਚਾਚੇ ਦੀ ਮੌਤ ਉਪਰੰਤ ਸਾਲ 2017 ਵਿੱਚ ਜ਼ਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਫਤਰ ਫਰੀਦਕੋਟ ਵਿਖੇ ਤਰਸ ਦੇ ਆਧਾਰ ’ਤੇ ਨੌਕਰੀ ਲੈਣ ਲਈ ਅਰਜ਼ੀ ਦਿੱਤੀ ਸੀ। ਇਸ ਸਬੰਧ ’ਚ  ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਹੋਮ ਗਾਰਡ ਵਿੱਚ ਤਰਸ ਦੇ ਅਧਾਰ ’ਤੇ ਨੌਕਰੀ ਦਿਵਾਉਣ ਬਦਲੇ 6,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੋਸ਼ ਲਗਾਇਆ ਕਿ ਹੌਲਦਾਰ ਨੇ ਉਸਨੂੰ ਪਹਿਲੀ ਕਿਸ਼ਤ ਵਜੋਂ 50,000 ਰੁਪਏ ਦੇਣ ਲਈ ਕਿਹਾ। ਇਸ ਤੋਂ ਬਾਅਦ, ਦੋਸ਼ੀ ਹੌਲਦਾਰ ਨੇ ਉਸਨੂੰ ਫੋਨਪੇ ਰਾਹੀਂ ਰਕਮ ਉਸਦੇ ਐਚਡੀਐਫਸੀ ਖਾਤੇ ਵਿੱਚ  ਟਰਾਂਸਫਰ ਕਰਨ ਲਈ ਵਾਰ-ਵਾਰ  ਜ਼ੋਰ ਪਾਉਣ ਲੱਗਾ। ਜਿਸ ਕਾਰਨ ਸ਼ਿਕਾਇਤਕਰਤਾ ਨੇ ਚਾਰ ਟਰਾਂਜੈਕਸ਼ਨਾਂ ਵਿੱਚ 10,000 ਰੁਪਏ (ਪ੍ਰਤੀ ਟਰਾਂਜੈਕਸ਼ਨ) ਟਰਾਂਸਫਰ ਕੀਤੇ ਅਤੇ ਬਾਅਦ ਵਿੱਚ 9800 ਹੋਰ ਰੁਪਏ ਟਰਾਂਸਫਰ ਕਰਵਾਏ। ਇਸ ਤਰ੍ਹਾਂ ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਦੇ ਐਚਡੀਐਫਸੀ ਖਾਤੇ ਵਿੱਚ ਕੁੱਲ 49,800 ਰੁਪਏ ਭੇਜੇ ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਹੈ ਕਿ ਉਕਤ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲਈ ਸੀ। ਇਸ ਤਫ਼ਤੀਸ਼ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ- ਮਾਨਸਾ

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨੇ ਦੀ ਕਟਾਈ ਲਈ ਕਈ ਕੰਬਾਇਨਾਂ 24 ਘੰਟੇ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉਥੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ’ਤੇ ਵੀ ਪੈਂਦਾ ਹੈ।

ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ ਅਤੇ ਪੰਜਾਬ ਪ੍ਰਦੂਸ਼ਣ ਕਟਰੋਲ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਹਾਰਵੈਸਟਰ ਕੰਬਾਈਨਾਂ ਵਿੱਚ ਫਿੱਟ ਕਰਨਾ ਯਕੀਨੀ ਬਣਾਇਆ ਜਾਵੇ। ਕੋਈ ਵੀ ਹਾਰਵੈਸਟਰ ਕੰਬਾਇਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਏ ਬਗੈਰ ਨਾ ਵਰਤੀ ਜਾਵੇ।

ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ।

ਅਮਨ ਅਰੋੜਾ ਵੱਲੋਂ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ

ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਅੱਜ 20 ਉਦਯੋਗਾਂ ਅਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।

ਇਸ ਵੱਡੀ ਸਫ਼ਲਤਾ ਦਾ ਐਲਾਨ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀਘਾੜਿਆਂ ਅਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਥੇ ਕਰਵਾਈ ਗਈ ਚੀਫ਼ ਐਗਜ਼ੀਕਿਊਟਿਵ ਆਫ਼ਿਸਰ (ਸੀ.ਐਕਸ.ਓ.) ਮੀਟ-2024 ਦੌਰਾਨ ਕੀਤਾ।

ਸ੍ਰੀ ਅਮਨ ਅਰੋੜਾ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਅਤੇ ਮੋਹਾਲੀ (ਐਸ.ਏ.ਐਸ. ਨਗਰ), ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ।

ਸ੍ਰੀ ਅਮਨ ਅਰੋੜਾ ਨੇ ਸੂਬੇ ਭਰ ਵਿੱਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਟੀਚਿਆਂ ਦੀ ਪ੍ਰਾਪਤੀ ਲਈ ਅਜੇ ਲੰਮਾ ਪੈਂਡਾ ਤੈਅ ਕਰਨਾ ਬਾਕੀ ਹੈ। ਉਨ੍ਹਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਇਹ ਸਮਾਗਮ ਕਰਵਾ ਕੇ ਸਾਰੇ ਭਾਈਵਾਲਾਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੇ ਹੁਨਰਾਂ ਨੂੰ ਨਿਖਾਰਨ ਵਿੱਚ ਉਦਯੋਗਾਂ ਨੂੰ ਪੂਰਨ ਸਹਿਯੋਗ ਦੇਵੇਗੀ।

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਹੁਨਰ ਵਿਕਾਸ ਖੇਤਰ ਵਿੱਚ ਸੀਨੀਅਰ ਕਾਰਜਕਾਰੀਆਂ ਵਿਚਕਾਰ ਸਹਿਯੋਗ ਅਤੇ ਸੰਵਾਦ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਇਸ ਪਹਿਲਕਦਮੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨਾਲ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਬਣਾਉਣ ਵਿੱਚ ਮਦਦ ਮਿਲਣ ਤੋਂ ਇਲਾਵਾ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋਵੇਗਾ ਅਤੇ ਨੌਜਵਾਨਾਂ ਦੇ ਹੁਨਰ ਨੂੰ ਉਪਲਬਧ ਰੋਜ਼ਗਾਰ ਮੁਤਾਬਕ ਨਿਖਾਰਿਆ ਜਾਏਗਾ।

ਇਸ ਸਮਾਗਮ ਦੌਰਾਨ “ਸਾਡੇ ਨੌਜਵਾਨਾਂ ਅਤੇ ਵਰਕਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ” ਵਿਸ਼ੇ ਉਤੇ ਪੈਨਲ ਚਰਚਾ ਕਰਵਾਈ ਗਈ, ਜਿਸ ਵਿੱਚ ਵਿਕਸਤ ਹੋ ਰਹੇ ਬਾਜ਼ਾਰ ਦੇ ਸੰਦਰਭ ਵਿੱਚ ਸੂਬੇ ਦੇ ਨੌਜਵਾਨਾਂ ਅਤੇ ਵਰਕਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ਵਿੱਚ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੇ ਸਹਾਇਕ ਡਾਇਰੈਕਟਰ ਸ੍ਰੀ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰੀ ਭਾਰਤ ਲਈ ਐਜੂਕੇਸ਼ਨ ਫਾਰ ਨਾਰਥ ਇੰਡੀਆ ਦੇ ਡਾਇਰੈਕਟਰ ਮਿਸ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸ੍ਰੀ ਸੰਜੀਵ ਸ਼ਰਮਾ, ਆਰ.ਡੀ.ਐੱਸ.ਡੀ.ਈ. ਪੰਜਾਬ ਦੇ ਰੀਜ਼ਨਲ ਡਾਇਰੈਕਟਰ ਲੈਫ਼ਟੀਨੈਂਟ  ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਵਿਭਾਗ  ਤੇ ਉਚੇਰੀ ਸਿੱਖਿਆ, ਨਵੀਂ ਦਿੱਲੀ ਦੇ ਡਾਇਰੈਕਟਰ ਸ੍ਰੀ ਭੁਪੇਸ਼ ਚੌਧਰੀ ਅਤੇ ਪੀ.ਐਚ.ਡੀ.ਸੀ.ਸੀ.ਆਈ ਦੇ ਚੇਅਰਮੈਨ ਸ੍ਰੀ ਰੁਪਿੰਦਰ ਸਚਦੇਵਾ ਨੇ ਸ਼ਮੂਲੀਅਤ ਕੀਤੀ।

ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਮਿਸ ਅੰਮ੍ਰਿਤ ਸਿੰਘ ਨੇ ਸਾਰੇ ਪੈਨਲਿਸਟਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਮਾਗਮ ਡੀ.ਡੀ.ਯੂ-ਜੀ.ਕੇ.ਵਾਈ. ਪਹਿਲਕਦਮੀ ਤਹਿਤ ਪੰਜਾਬ ਵਿੱਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਇਸ ਸਮਾਗਮ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਅਤੇ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ ਵੀ.ਐਸ.ਐਮ. (ਸੇਵਾਮੁਕਤ), ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਢਾਈ ਸਾਲ ਪੂਰੇ ਹੋਣ ‘ਤੇ ਪੰਜਾਬ ਪੁਲਸ ਨੇ 16 ਮਾਰਚ, 2022 ਤੋਂ ਹੁਣ ਤੱਕ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3581 ਵਪਾਰਕ ਐਫਆਈਆਰਜ਼ ਸਮੇਤ ਕੁੱਲ 29152 ਐਫਆਈਆਰਜ਼ ਦਰਜ ਕੀਤੀਆਂ ਹਨ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਜੋ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾਉਣ ਦੇ ਨਾਲ ਨਾਲ ਸੂਬੇ ਭਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 2546 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚੋਂ 2457 ਕਿਲੋ ਅਫੀਮ, 1156 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਔਡਜ਼ ਦੀਆਂ 4.29 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲੀਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 30.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਆਈਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਢਾਈ ਸਾਲਾਂ ਦੌਰਾਨ ਵੱਡੇ ਤਸਕਰਾਂ ਦੀਆਂ 324.28 ਕਰੋੜ ਰੁਪਏ ਦੀਆਂ 602 ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦਕਿ 103.50 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕਰਨ ਸਬੰਧੀ 192 ਕੇਸ ਪ੍ਰਵਾਨਗੀ ਹਿੱਤ ਸਮਰੱਥ ਅਥਾਰਟੀ ਕੋਲ ਵਿਚਾਰ ਅਧੀਨ ਹਨ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਪੱਖੀ ਰਣਨੀਤੀ— ਇੰਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ—  ਲਾਗੂ ਕੀਤੀ ਗਈ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64 ਏ, ਜੋ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਸਮੇਤ ਫੜੇ ਗਏ ਨਸ਼ੀਲੇ ਪਦਾਰਥਾਂ ਦੇ ਆਦੀ ਨੂੰ ਮੁੜ ਵਸੇਬੇ ਲਈ ਮੌਕਾ ਪ੍ਰਦਾਨ ਕਰਦੀ ਹੈ, ਬਾਰੇ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰ ਰਹੀ ਹੈ।

ਆਈਜੀਪੀ ਨੇ ਕਿਹਾ ਕਿ 245 ਮਾਮਲਿਆਂ ਵਿੱਚ ਥੋੜੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ 295 ਨਸ਼ੇ ਦੇ ਆਦੀਆਂ ਨੇ ਮੁੜ ਵਸੇਬਾ ਇਲਾਜ ਕਰਵਾਉਣ ਦਾ ਵਾਅਦਾ ਕਰਕੇ ਐਨਡੀਪੀਐਸ ਦੀ ਧਾਰਾ 64-ਏ ਦਾ ਲਾਭ ਉਠਾਇਆ ਹੈ।

ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 2378 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੈਂਗਸਟਰਾਂ ਵਿਰੁੱਧ ਕਾਰਵਾਈਆਂ ਦੌਰਾਨ ਪੰਜਾਬ ਪੁਲਿਸ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ, ਆਈਜੀਪੀ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫੀਲਡ ਯੂਨਿਟਾਂ ਨਾਲ ਮਿਲ ਕੇ 1420 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 12 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ ਕੇ 508 ਗੈਂਗਸਟਰਾਂ/ਅਪਰਾਧੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 1337 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 294 ਵਾਹਨ, 56.7 ਕਿਲੋਗ੍ਰਾਮ ਹੈਰੋਇਨ ਅਤੇ 4.05 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਆਈਜੀਪੀ ਨੇ ਅੱਤਵਾਦੀਆਂ ਵਿਰੁੱਧ ਕਾਰਵਾਈ ਬਾਰੇ ਵੇਰਵੇ ਦਿੰਦਿਆਂ ਕਿਹਾ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 272 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਕੇ 45 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 34 ਰਾਈਫਲਾਂ, 303 ਰਿਵਾਲਵਰ/ਪਿਸਤੌਲ, 14 ਹੈਂਡ ਗ੍ਰਨੇਡ ਅਤੇ 290 ਡਰੋਨ ਬਰਾਮਦ ਕੀਤੇ ਹਨ।

ਉਨ੍ਹਾਂ ਕਿਹਾ ਕਿ ਜੇਲ੍ਹਾਂ ਅੰਦਰ ਮੋਬਾਈਲ ਫ਼ੋਨਾਂ ਦੀ ਵਰਤੋਂ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 1663 ਆਈਐਮਈਆਈ ਨੰਬਰਾਂ ਨੂੰ ਬਲੈਕਲਿਸਟ ਅਤੇ 475 ਮੋਬਾਈਲ ਨੰਬਰਾਂ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗੈਂਗਸਟਰਾਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਘੱਟੋ-ਘੱਟ 6500 ਸੋਸ਼ਲ ਮੀਡੀਆ ਅਕਾਊਂਟਸ ਨੂੰ ਬਲਾਕ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦੌਰਾਨ ਮੌਜੂਦਾ ਸਾਲ ਵਿੱਚ ਕੀਤੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦੇ ਹੋਏ, ਆਈਜੀਪੀ ਨੇ ਕਿਹਾ ਕਿ 1 ਜਨਵਰੀ, 2024 ਤੋਂ, ਪੁਲਿਸ ਨੇ 825 ਵਪਾਰਕ ਐਫਆਈਆਰਜ਼ ਸਮੇਤ 6439 ਐਫਆਈਆਰਜ਼ ਦਰਜ ਕਰਕੇ 8789 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 628 ਕਿਲੋਗ੍ਰਾਮ ਹੈਰੋਇਨ, 796 ਕਿਲੋਗ੍ਰਾਮ ਅਫੀਮ, 324 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ਼ ਦੀਆਂ 2.83 ਕਰੋੜ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 10.32 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ।  ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in ‘ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ ‘ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ ‘ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਦੀ ਘੱਟੋ-ਘੱਟ ਵਿਦਿਅਕ ਯੋਗਤਾ, ਪਹਿਲੀ ਡਿਵੀਜ਼ਨ ਵਿੱਚ ਐਲ.ਐਲ.ਬੀ ਨਾਲ ਗ੍ਰੈਜੂਏਟ ਅਤੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਹੋਵੇ। ਉਨ੍ਹਾਂ ਦੱਸਿਆ ਕਿ, 60,000 ਰੁਪਏ ਦੀ ਨਿਸ਼ਚਿਤ ਤਨਖਾਹ/ਰਿਟੇਨਰਸ਼ਿਪ ਫੀਸ ਦਾ ਭੁਗਤਾਨ ਨਿਯੁਕਤ ਵਿਅਕਤੀ ਨੂੰ ਕੀਤਾ ਜਾਵੇਗਾ। ਇਸ ਅਹੁਦੇ ਦਾ ਕਾਰਜਕਾਲ ਦੋ ਸਾਲ ਦਾ ਹੋਵੇਗਾ, ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬਿਨੈਕਾਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਤਿੰਨ ਸਾਲ ਦਾ ਪਰੈਕਟਿਸ(ਅਭਿਆਸ) ਕਰਨ ਦਾ ਤਜਰਬਾ, ਜਾਂ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ, ਪੰਜਾਬ/ਐਡਵੋਕੇਟ ਜਨਰਲ ਦਫ਼ਤਰ, ਪੰਜਾਬ ਵਿੱਚ ਤਿੰਨ ਸਾਲ ਦਾ ਕੰਮ ਕਰਨ ਦਾ ਤਜਰਬਾ ਜਾਂ ਪੰਜਾਬ ਨਿਆਂਇਕ ਸੇਵਾ ਦਾ ਸੇਵਾਮੁਕਤ ਅਧਿਕਾਰੀ ਅਤੇ  ਬਿਨੈਕਾਰ ਦੀ ਉਮਰ ਅਰਜ਼ੀਆਂ ਦੀ ਪ੍ਰਾਪਤੀ ਦੀ ਆਖਰੀ ਮਿਤੀ ਨੂੰ 35-62 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

ਮੰਤਰੀ ਨੇ ਦੱਸਿਆ ਕਿ ਓ.ਐਸ.ਡੀ (ਐਲ) ਦੇ ਅਹੁਦੇ ‘ਤੇ ਨਿਯੁਕਤੀ ਸਰਕਾਰ ਦੁਆਰਾ ਕਮੇਟੀ ਦੀ ਸਿਫ਼ਾਰਸ਼ ‘ਤੇ ਕੀਤੀ ਜਾਵੇਗੀ ਜੋ ਐਲ.ਐਲ.ਬੀ ਵਿੱਚ ਅੰਕਾਂ ਦੀ ਪ੍ਰਤੀਸ਼ਤਤਾ,  ਐਲ.ਐਲ.ਐਮ ਵੇਟਿੱਜ, ਰਿੱਟ ਪਟੀਸ਼ਨਾਂ ਦੇ ਜਵਾਬ ਦਾ ਅਨੁਭਵ ਅਤੇ ਖਰੜਾ ਤਿਆਰ ਕਰਨਾ, ਪੈਰਾਮੀਟਰ ਦੇ ਆਧਾਰ ‘ਤੇ ਯੋਗ ਉਮੀਦਵਾਰਾਂ ਦੀ ਮੈਰਿਟ ਤਿਆਰ ਕਰੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 30 ਸਤੰਬਰ 2024 ਤੱਕ ਭੇਜ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

ਭਾਜਪਾ ਨੇ ਗੁੱਸੇ ‘ਚ ਆਏ ਲੋਕਾਂ ਨੂੰ ਸ਼ਾਂਤ ਕੀਤਾ, ਕਵਿਤਾ ਜੈਨ ਦੇ ਘਰ ਪਹੁੰਚੇ ਐਕਟਿੰਗ CM ਸੈਣੀ, ਰਾਜੀਵ ਅੱਜ ਵਾਪਸ ਲੈਣਗੇ ਨਾਮਜ਼ਦਗੀ ਪੱਤਰ

ਪਿਛਲੇ ਕੁਝ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਆਪਣੇ ਵਿਛੜੇ ਆਗੂਆਂ ਨੂੰ ਯਾਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਸਾਬਕਾ ਮੰਤਰੀ ਕਵਿਤਾ ਜੈਨ ਅਤੇ ਉਨ੍ਹਾਂ ਦੇ ਪਤੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਨਾਮਜ਼ਦਗੀ ਵਾਪਸ ਲੈਣ ਦਾ ਅੱਜ ਆਖਰੀ ਦਿਨ ਹੈ ਕਿਉਂਕਿ ਸੋਨੀਪਤ ਤੋਂ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ।

ਪਿਛਲੇ ਕੁਝ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਆਪਣੇ ਵਿਛੜੇ ਆਗੂਆਂ ਨੂੰ ਯਾਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਕਾਰਜਵਾਹਕ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਅੱਜ ਸੋਨੀਪਤ ਪਹੁੰਚ ਗਏ, ਜਿਸ ਕਾਰਨ ਸਾਬਕਾ ਮੰਤਰੀ ਕਵਿਤਾ ਜੈਨ ਅਤੇ ਉਨ੍ਹਾਂ ਦੇ ਪਤੀ ਮਨੋਹਰ ਲਾਲ ਖੱਟਰ ਦੇ ਸਾਬਕਾ ਮੀਡੀਆ ਸਲਾਹਕਾਰ ਰਾਜੀਵ ਜੈਨ ਟਿਕਟਾਂ ਤੋਂ ਇਨਕਾਰ ਕੀਤੇ ਜਾਣ ਕਾਰਨ ਪ੍ਰੇਸ਼ਾਨ ਹਨ। ਨਾਇਬ ਸੈਣੀ ਨੇ ਕਵਿਤਾ ਜੈਨ ਅਤੇ ਰਾਜੀਵ ਜੈਨ ਨਾਲ ਮੀਟਿੰਗ ਕੀਤੀ ਅਤੇ ਰਾਜੀਵ ਜੈਨ ਹੁਣ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ।

ਸੋਨੀਪਤ ‘ਚ ਭਾਜਪਾ ਨੇ ਕਾਂਗਰਸ ਤੋਂ ਨਿਖਿਲ ਮਦਾਨ ਨੂੰ ਟਿਕਟ ਦਿੱਤੀ ਹੈ। ਰਾਜੀਵ ਜੈਨ ਨੇ ਭਾਜਪਾ ਛੱਡ ਕੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ।

ਹਿਸਾਰ ‘ਚ ਭਾਜਪਾ ਦੇ ਮਹਿਲਾ ਮੋਰਚਾ ਦੀ ਸਾਬਕਾ ਮੁਖੀ ਗਾਇਤਰੀ ਦੇਵੀ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਕਿਹਾ ਕਿ ਮਹਿਲਾ ਮੋਰਚਾ ਨਾਲ ਜੁੜੀ ਕਿਸੇ ਵੀ ਔਰਤ ਨੂੰ ਟਿਕਟ ਨਾ ਦੇਣਾ ਉਨ੍ਹਾਂ ਦਾ ਅਪਮਾਨ ਹੈ।