Latest NewsNewsPunjabPunjabiSAS NAGAR

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ…

Latest NewsNewsPunjabPunjabi

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ…

Latest NewsNewsPunjabPunjabi

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ…

EducationLatest NewsNewsPunjabi

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ…

Latest NewsNewsPunjabPunjabi

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ…

Latest NewsNewsPunjabPunjabi

ਮੁੱਖ ਮੰਤਰੀ, ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ…

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਉਥੇ ਹੀ ਆਪਣੇ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿੱਚ ਯੋਗਦਾਨ ਪਾਉਣ ਵਾਲੇ ਹਰ  ਵਰਗ ਦਾ ਸਮਰਥਨ ਕੀਤਾ ਜਾਵੇਗਾ।

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ।

ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐਫ.ਪੀ.ਆਈ. ਵਿੱਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਇੱਕ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ।

ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ ‘ਤੇ ਨਿਯੁਕਤੀ ‘ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ਮਿਲੇਗਾ।ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤੇ ਡਰਾਈਵਰ ਨੂੰ ਕੀਤਾ ਕਾਬੂ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਉਕਤ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਉਕਤ ਤਹਿਸੀਲਦਾਰ ਨੇ ਰਿਸ਼ਵਤ ਵਜੋਂ ਹਾਸਲ ਕੀਤੀ ਰਕਮ ਆਪਣੇ ਡਰਾਈਵਰ ਨੂੰ ਫੜਾ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਡਰਾਇਵਰ ਨੂੰ ਵੀ ਰਿਸ਼ਵਤ ਦੀ ਰਕਮ ਸੰਭਾਲਣ ਲਈ ਉਕਤ ਦੇ ਸਾਥੀ ਵਜੋਂ ਦੋਸ਼ੀ ਮੰਨਦਿਆਂ ਗ੍ਰਿਫਤਾਰ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ।

ਇਸ ਸਬੰਧੀ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏ.ਐਨ. ਮਗਧ ਮੈਡੀਕਲ ਕਾਲਜ, ਗਯਾ (ਬਿਹਾਰ) ਅਤੇ ਗ੍ਰਾਂਟ ਮੈਡੀਕਲ ਕਾਲਜ, ਮੁੰਬਈ (ਮਹਾਰਾਸ਼ਟਰ) ਵਿੱਚ ਇੱਕ-ਇੱਕ ਸੀਟ ਜਦਕਿ ਪੰਡਤ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ, ਰਾਏਪੁਰ (ਛੱਤੀਸਗੜ੍ਹ) ਵਿੱਚ ਇਸ ਵਰਗ ਲਈ ਦੋ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਯੋਗ ਵਿਦਿਆਰਥੀ ਵੀ ਇਨ੍ਹਾਂ ਸੀਟਾਂ ਲਈ ਅਪਲਾਈ ਕਰਕੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਯੋਗਤਾ ਦੇ ਮਾਪਦੰਡਾਂ ਤਹਿਤ ਉਮੀਦਵਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ ਦਾਖ਼ਲੇ ਸਮੇਂ 17 ਸਾਲ ਹੋਵੇ ਜਾਂ ਉਹ ਅੰਡਰਗਰੈਜੂਏਟ ਮੈਡੀਕਲ ਕੋਰਸ ਵਿੱਚ ਦਾਖ਼ਲੇ ਦੇ ਪਹਿਲੇ ਸਾਲ ਵਿੱਚ 31 ਦਸੰਬਰ ਨੂੰ ਜਾਂ ਇਸ ਤੋਂ ਪਹਿਲਾਂ ਇਹ ਉਮਰ ਪੂਰੀ ਕਰਦਾ ਹੋਵੇ।

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਫਾਰਮ ਮੰਤਰਾਲੇ ਦੀ ਵੈੱਬਸਾਈਟ (https://mha.gov.in) ਤੋਂ ਡਾਊਨਲੋਡ ਕਰਕੇ ਹੋਰ ਜਾਣਕਾਰੀ ਅਤੇ ਸ਼ਰਤਾਂ ਵੇਖੀਆਂ ਜਾ ਸਕਦੀਆਂ ਹਨ।

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ” ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ ਸਾਇੰਸ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਏ ਗਏ ਏ.ਆਈ.ਐਫ ਐਕਸੀਲੈਂਸ ਐਵਾਰਡ ਸਮਾਰੋਹ ਦੌਰਾਨ ਦਿੱਤਾ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਵੱਕਾਰੀ ਪ੍ਰਾਪਤੀ ਲਈ ਵਿਭਾਗ ਦੇ ਅਧਿਕਾਰੀਆਂ ਅਤੇ ਸਮੁੱਚੀ ਏ.ਆਈ.ਐਫ ਟੀਮ ਨੂੰ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਅੱਜ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ, ਜੁਆਇੰਟ ਡਾਇਰੈਕਟਰ ਸ੍ਰੀ ਤਜਿੰਦਰ ਬਾਜਵਾ, ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਅਤੇ ਏ.ਆਈ.ਐਫ ਦੀ ਟੀਮ ਲੀਡਰ ਸ੍ਰੀਮਤੀ ਰਵਦੀਪ ਕੌਰ ਵੱਲੋਂ ਇਹ ਐਵਾਰਡ ਸੌਂਪਿਆ ਗਿਆ।

ਪੰਜਾਬ ਵੱਲੋਂ ਇਸ ਸਕੀਮ ਤਹਿਤ ਕੀਤੇ ਗਏ ਸ਼ਾਨਦਾਰ ਵਿਕਾਸ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਵਿੱਤੀ ਸਾਲ 2021-22 ਵਿੱਚ ਸਿਰਫ਼ 164 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ (ਜੋ ਏ.ਆਈ.ਐਫ ਲਈ ਸਟੇਟ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ) ਦੀ ਰਣਨੀਤਕ ਯੋਜਨਾਬੰਦੀ ਅਤੇ ਸਮਰਪਿਤ ਪ੍ਰਾਜੈਕਟ ਨਿਗਰਾਨੀ ਯੂਨਿਟ (ਪੀ.ਐਮ.ਯੂ) ਦੀ ਸ਼ੁਰੂਆਤ ਨਾਲ ਇਸ ਅੰਕੜੇ ਨੇ ਅਗਲੇ ਵਰ੍ਹੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਅਤੇ ਵਿੱਤੀ ਸਾਲ 2022-23 ਤੱਕ ਸੂਬੇ ਨੇ 3,480 ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ, ਜੋ ਵਿੱਤੀ ਸਾਲ 2023-24 ਦੌਰਾਨ ਲਗਭਗ ਚਾਰ ਗੁਣਾਂ ਵਧ ਕੇ 12,064 ਹੋ ਗਏ।

ਉਨ੍ਹਾਂ ਦੱਸਿਆ ਕਿ ਅਗਸਤ 2024 ਤੱਕ ਮਨਜ਼ੂਰ ਕੀਤੇ ਪ੍ਰਾਜੈਕਟਾਂ ਦੀ ਕੁੱਲ ਸੰਖਿਆ 16,680 ਪਹੁੰਚ ਗਈ ਹੈ।ਜ਼ਿਕਰਯੋਗ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪ੍ਰਾਜੈਕਟਾਂ ਤਹਿਤ 6,626 ਕਰੋੜ ਦੇ ਵੱਡੇ ਨਿਵੇਸ਼ ਕੀਤੇ ਗਏ। ਇਸ ਵਿੱਚੋਂ ਭਾਗੀਦਾਰ ਬੈਂਕਾਂ ਨੇ ਕੁੱਲ 3,941 ਕਰੋੜ ਰੁਪਏ ਦੇ ਮਿਆਦੀ ਕਰਜ਼ੇ ਮਨਜ਼ੂਰ ਕੀਤੇ, ਜੋ ਪੰਜਾਬ ਭਰ ’ਚ ਖੇਤੀਬਾੜੀ ਖੇਤਰ ਵਿੱਚ ਸੁਧਾਰ ਕਰਨ ਲਈ ਇੱਕ ਮਜ਼ਬੂਤ ਵਿੱਤੀ ਵਚਨਬੱਧਤਾ ਦਾ ਸੰਕੇਤ ਹੈ। ਪੰਜਾਬ ਵਿੱਚ ਇਸ ਸਕੀਮ ਰਾਹੀਂ ਸਥਾਪਿਤ ਕੀਤੇ ਗਏ ਪ੍ਰਾਜੈਕਟਾਂ ਦੀਆਂ ਪ੍ਰਮੁੱਖ ਸ਼੍ਰੇਣੀਆਂ ਵਿੱਚ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਛਟਾਈ ਯੂਨਿਟ, ਕੋਲਡ ਸਟੋਰ, ਵਾਢੀ ਤੋਂ ਬਾਅਦ ਪ੍ਰਬੰਧਨ ਲਈ ਬੁਨਿਆਦੀ ਢਾਂਚਾ, ਮੌਜੂਦਾ ਬੁਨਿਆਦੀ ਢਾਂਚੇ ’ਤੇ ਸੋਲਰ ਪੈਨਲ ਅਤੇ ਸੋਲਰ ਪੰਪ ਲਾਉਣਾ ਆਦਿ ਸ਼ਾਮਲ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਅਤੇ ਸ੍ਰੀ ਕੇ.ਏ.ਪੀ. ਸਿਨਹਾ, ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਦੇ ਰਣਨੀਤਕ ਸਹਿਯੋਗ ਸਦਕਾ ਪੰਜਾਬ ਵਿੱਚ ਇਸ ਸਕੀਮ ਨੂੰ ਸਰਗਰਮੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਇਸ ਸਕੀਮ ਦੇ 70 ਫ਼ੀਸਦੀ ਤੋਂ ਵੱਧ ਲਾਭਪਾਤਰੀ ਕਿਸਾਨ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਸਕੀਮ ਦਾ ਲਾਭ ਖੇਤੀਬਾੜੀ ਭਾਈਚਾਰੇ ਤੱਕ ਪਹੁੰਚਾਉਣ ਵਿੱਚ ਪੰਜਾਬ ਦੀ ਅਗਾਂਹਵਧੂ ਭੂਮਿਕਾ ਨੂੰ ਉਜਾਗਰ ਕਰਨ ਸਣੇ ਖੇਤੀਬਾੜੀ ਖੇਤਰ ਵਿੱਚ ਸਕੀਮ ਦੇ ਲਾਗੂਕਰਨ ਵੱਲ ਨਿਵੇਕਲਾ ਪੈਂਡਾ ਤੈਅ ਕੀਤਾ ਗਿਆ ਹੈ।ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੁਸੁਮ ਕੰਪੋਨੈਂਟ-ਏ ਅਤੇ ਏਕੀਕ੍ਰਿਤ ਪ੍ਰਾਇਮਰੀ-ਸੈਕੰਡਰੀ ਪ੍ਰੋਸੈਸਿੰਗ ਪ੍ਰਾਜੈਕਟ ਹੁਣ ਵਿਸਤਾਰਤ ਏ.ਆਈ.ਐਫ. ਸਕੀਮ ਅਧੀਨ ਯੋਗ ਗਤੀਵਿਧੀਆਂ ਹਨ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਹੁਣ ਖੁੰਭਾਂ ਦੀ ਖੇਤੀ, ਪੌਲੀਹਾਊਸ/ਗ੍ਰੀਨਹਾਊਸ ਸਥਾਪਤ ਕਰਨ, ਵਰਟੀਕਲ ਫ਼ਾਰਮਿੰਗ, ਹਾਈਡਰੋਪੌਨਿਕ ਅਤੇ ਐਰੋਪੌਨਿਕ ਫ਼ਾਰਮਿੰਗ ਦੇ ਨਾਲ-ਨਾਲ ਲੌਜਿਸਟਿਕਸ ਸਹੂਲਤਾਂ ਵਰਗੇ ਪ੍ਰਾਜੈਕਟਾਂ ਲਈ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਰਾਜ ਵਿੱਚ ਕਿਸਾਨਾਂ ਅਤੇ ਉੱਦਮੀਆਂ ਲਈ ਆਧੁਨਿਕ ਖੇਤੀ ਤਕਨੀਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਣਾਉਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਕਿਸਾਨ ਏ.ਆਈ.ਐਫ ਸਕੀਮ ਦਾ ਲਾਭ ਨਿਰੰਤਰ ਲੈਂਦੇ ਰਹਿਣਗੇ ਕਿਉਂ ਜੋ ਇਸ ਦਾ ਮੌਜੂਦਾ ਵਿਸਤਾਰ ਇਸ ਸਕੀਮ ਨੂੰ ਹੋਰ ਲਾਹੇਵੰਦ ਬਣਾ ਰਿਹਾ ਹੈ।

ਮੁੱਖ ਮੰਤਰੀ, ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।

ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।

ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ  ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਸੂਬੇ ਦੇ ਵਿਦਿਅਕ ਅਦਾਰਿਆਂ ’ਚ ਨੌਜਵਾਨਾਂ ਦੇ ਦਾਖਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪੁੱਠਾ ਮੋੜਾ ਪਿਆ ਹੈ। ਇਸ ਸ਼ੁੱਭ ਅਵਸਰ ’ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਉਨ੍ਹਾਂ ਲਈ ਵਿਸ਼ੇਸ਼ ਥਾਂ ਰੱਖਦਾ ਹੈ ਕਿਉਂਕਿ ਉਹ ਅਧਿਆਪਕ ਭਾਈਚਾਰੇ ਦਾ ਦਿਲੋਂ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇ ਕੇ ਆਪਣੀ ਤਕਦੀਰ ਲਿਖਣ ਦੇ ਕਾਬਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਸਦਕਾ ਉਨ੍ਹਾਂ ਨੂੰ ‘ਦੇਸ਼ ਦੇ ਨਿਰਮਾਤਾ’ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅਧਿਆਪਕ ਮਿਸ਼ਨਰੀ ਭਾਵਨਾ ਨਾਲ ਵਿਦਿਆਰਥੀਆਂ ਦੀ ਸੇਵਾ ਕਰਦੇ ਰਹਿਣਗੇ।

ਇਸ ਮੌਕੇ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 77 ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ।